ਐਸ.ਡੀ.ਐਮ ਵੱਲੋਂ ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ

Politics Punjab

ਫ਼ਰੀਦਕੋਟ 11 ਨਵੰਬਰ,2024 () ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਮੀਟਿੰਗ ਕਰਕੇ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲਿਆ ਅਤੇ ਜਿਨ੍ਹਾਂ ਨੋਡਲ ਅਫਸਰ ਦੇ ਏਰੀਏ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ।

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਦੇ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਵੀ ਦਰਜ ਕੀਤੀ ਗਈ ਹੈ।  ਉਨ੍ਹਾਂ ਸਮੂਹ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਇਲਾਕੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਮੇਂ ਸਮੇਂ ਤੇ ਮੁਹੱਈਆ ਕਰਵਾਉਣ।

ਉਨ੍ਹਾਂ ਸਮੂਹ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸੈਟੇਲਾਈਟ ਵੱਲੋਂ ਦਿੱਤੇ ਸਪੋਟਾਂ ਤੇ ਨੋ ਫਾਇਰ ਜੋਨ ਦੀਆਂ ਤਸਵੀਰਾਂ, ਵੀਡੀਓ ਵੀ ਸਬੂਤ ਵਜੋਂ ਕੋਲ ਰੱਖਣ ਤਾਂ ਜੋ ਕਿਸੇ ਕਿਸਮ ਦੀ ਕੋਈ ਅਣਗਹਿਲੀ ਸਾਹਮਣੇ ਨਾ ਆਵੇ। ਉਨ੍ਹਾਂ ਸਮੂਹ ਨੋਡਲ ਅਫਸਰਾਂ, ਕਲੱਸਟਰ ਅਫਸਰਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਜਿਲ੍ਹਾ ਪ੍ਰਸ਼ਾਸ਼ਨ ਨੂੰ ਸੂਚਿਤ ਕਰਨ।

ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਬਲਕਿ ਇਸ ਦੇ ਨਿਪਟਾਰੇ ਲਈ ਮੌਜੂਦ ਹੋਰ ਤਰੀਕਿਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੇ ਨਿਪਟਾਰੇ ਲਈ ਪਿੰਡਾਂ ਵਿੱਚ ਸਬਸਿਡੀ ਵਾਲੀਆਂ ਮਸ਼ੀਨਾਂ ਕਿਰਾਏ ਤੇ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਇੱਕ (ਕਿਊ-ਆਰ) ਕੋਡ ਵੀ  ਜਾਰੀ ਕੀਤਾ ਗਿਆ ਹੈ ਜਿਸ ਨੂੰ ਸਕੈਨ ਕਰਨ ਨਾਲ ਜਿਲ੍ਹਾ ਫਰੀਦੋਕਟ ਦੀ ਵੈਬਸਾਈਟ ਤੇ ਅਪਲੋਡ ਕੀਤੀਆਂ ਗਈਆਂ ਖੇਤੀ ਮਸ਼ੀਨਰੀ ਦੀਆਂ ਪਿੰਡ ਵਾਈਜ਼ ਲਿਸਟਾਂ ਖੁੱਲ ਜਾਣਗੀਆਂ ਅਤੇ ਕੋਈ ਵੀ ਕਿਸਾਨ ਆਪਣੇ ਨੇੜੇ ਦੀ ਮਸ਼ੀਨਰੀ ਬਾਰੇ ਜਾਣਕਾਰੀ ਇਨ੍ਹਾਂ ਲਿਸਟਾਂ ਵਿੱਚੋਂ ਲੈ ਸਕਦਾ ਹੈ।

ਇਸ ਮੌਕੇ ਜਿਲ੍ਹਾ ਫਰੀਦਕੋਟ ਦੇ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਹਾਜ਼ਰ ਸਨ।