ਫ਼ਿਰੋਜ਼ਪੁਰ 14 ਅਪ੍ਰੈਲ :
ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ਅੱਜ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ) ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਸਾਰੇ ਖਰੀਦ ਪ੍ਰਬੰਧ ਮੁਕੰਮਲ ਹਨ ਅਤੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੀ ਖਰੀਦ ਤੇ ਲਿਫਟਿੰਗ ਜਾਂ ਅਦਾਇਗੀ ਸਬੰਧੀ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀ ਚ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਸੁੱਕੀ ਆ ਰਹੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਨਮੀ ਚੈੱਕ ਕਰਕੇ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਣਕ ਦਾ ਸਮਰਥਨ ਮੁੱਲ 2425 ਰੁਪਏ ਨਿਸ਼ਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਚੁੱਕਿਆ ਜਾਵੇਗਾ ਅਤੇ ਖਰੀਦੀ ਗਈ ਫਸਲ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿੱਚ 24 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ 126 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਸਹੂਲਤ ਲਈ ਪੀਣ ਵਾਲੇ ਪਾਣੀ, ਛਾਂ, ਸਫ਼ਾਈ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਮੂਹ ਖਰੀਦ ਕੇਂਦਰਾਂ ਵਿੱਚ ਖਰੀਦ ਏਜੰਸੀਆਂ ਵੱਲੋਂ ਆਪਣੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਸੁੱਕੀ ਹੋਈ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।
ਇਸ ਮੌਕੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ਤੇ ਹੀ ਸਬੰਧਤ ਅਫ਼ਸਰਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਉਪਰੰਤ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਤਲਵੰਡੀ ਭਾਈ ਖਰੀਦ ਕੇਂਦਰਾਂ ਵਿੱਚ ਵੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਸਿੰਘ ਵਾਲਾ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਹਿਮਾਂਸ਼ੂ ਕੁੱਕੜ, ਰੌਬੀ ਸੰਧੂ, ਜ਼ਿਲ੍ਹਾ ਮੰਡੀ ਅਫ਼ਸਰ ਜਸਮੀਤ ਸਿੰਘ ਬਰਾੜ ਸਮੇਤ ਹੋਰਨਾਂ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਤੇ ਮੈਂਬਰ ਵੀ ਹਾਜ਼ਰ ਸਨ।