ਬਟਾਲਾ, 26 ਜਨਵਰੀ ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ ਗਣਤੰਤਰ ਦਿਵਸ ਮੌਕੇ ਬਟਾਲਾ ਵਾਸੀਆਂ ਨੂੰ ਤੋਹਫ਼ਾ ਦਿੱਤਾ ਹੈ।
ਵਿਧਾਇਕ ਸ਼ੈਰੀ ਕਲਸੀ ਵਲੋਂ ਕੋਰਟ ਕੰਪਲੈਕਸ ਬਟਾਲਾ ਤੋਂ ਸ੍ਰੀ ਅੰਮ੍ਰਿਤਸਰ-ਗੁਰਦਾਸਪੁਰ ਰੋਡ ਵਾਇਆ ਮਾਡਲ ਟਾਊਨ ਸੜਕ ਨੂੰ ਚੌੜਿਆਂ ਅਤੇ ਮਜ਼ਬੂਤ ਕਰਨ ਦਾ ਉਦਘਾਟਨ ਕੀਤਾ ਗਿਆ। ਕਰੀਬ 52 ਲੱਖ ਰੁਪਏ ਦੀ ਲਾਗਤ ਨਾਲ ਇਸ ਰੋਡ ਨੂੰ ਜੋ ਪਹਿਲਾਂ 18 ਫੁੱਟ ਚੌੜੀ ਸੀ, ਉਸਨੂੰ ਹੁਣ 33 ਫੁੱਟ ਚੌੜਾ ਤੇ ਮਜ਼ਬੂਤ ਕੀਤਾ ਗਿਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਲਕਾ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਦੋਂ ਤੋਂ ਬਟਾਲਾ ਵਾਸੀਆਂ ਨੇ ਇਤਿਹਾਸਕ ਤੇ ਧਾਰਮਿਕ ਹਲਕਾ ਬਟਾਲਾ ਦੀ ਸੇਵਾ ਕਰਨ ਦਾ ਮੌਕਾ, ਉਨਾਂ ਨੂੰ ਦਿੱਤਾ ਹੈ, ਉਹ ਦਿਨ ਰਾਤ ਬਟਾਲਾ ਦੇ ਵਿਕਾਸ ਤੇ ਸੁੰਦਰੀਕਰਨ ਲਈ ਪੂਰੀ ਮਿਹਨਤ ਤੇ ਇਮਾਨਦਾਰੀ ਯਤਨਸ਼ੀਲ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਿਆਂ ਕੀਤਾ ਗਿਆ। ਸ਼ਹਿਰ ਅੰਦਰ ਖੂਬਸੂਰਤ ਪਾਰਕ ਉਸਾਰੇ ਗਏ ਹਨ। ਸ਼ਹਿਰ ਵਿਚਲੇ ਚੌਕਾਂ ਨੂੰ ਚੌੜਿਆਂ ਕੀਤਾ ਗਿਆ ਹੈ, ਜਿਸ ਨਾਲ ਟਰੈਫਿਕ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋਈ ਹੈ। ਲੋਕਾਂ ਦੀ ਸਹੂਲਤ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈ, ਜਿਸ ਦਾ ਬਹੁਤ ਜਲਦ ਉਦਘਾਟਨ ਕੀਤਾ ਜਾਵੇਗਾ। ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਕੇਂਦਰ ਬਣਾਏ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਮਹਿਜ ਪੌਣੇ ਤਿੰਨ ਸਾਲ ਦੇ ਕਾਰਜਕਾਲ ਅੰਦਰ ਕਰਵਾਏ ਗਏ ਵਿਕਾਸ ਕੰਮਾਂ ਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਦਿਨ-ਬ-ਦਿਨ ਕਾਫਲਾ ਵੱਡਾ ਹੋ ਰਿਹਾ ਹੈ।
ਇਸ ਮੌਕੇ ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਪਿਛਲੇ ਕਰੀਬ ਪੌਣੇ ਤਿੰਨ ਸਾਲਾਂ ਵਿੱਚ ਜਿਸ ਤਰਾਂ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ, ਉਹ ਪਹਿਲਾਂ ਵੇਖਣ ਨੂੰ ਨਹੀਂ ਮਿਲੇ।
ਇਸ ਮੌਕੇ ਨਿਰਮਲ ਸਿੰਘ, ਐਸ.ਡੀ.ਓ, ਪੀ.ਡਬਲਿਊ.ਡੀ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮਨਜੀਤ ਸਿੰਘ ਬੁਮਰਾਹ, ਰਜਿੰਦਰ ਜੰਬਾ, ਮਿੰਟੂ ਤਤਲਾ, ਗਗਨ ਬਟਾਲਾ, ਪਵਨ ਕੁਮਾਰ ਤੇ ਪਾਰਟੀ ਦੇ ਵਰਕਰ ਤੇ ਆਗੂ ਵੱਡੀ ਗਿਣਤੀ ਵਿੱਚ ਮੌਜੂਦ ਸਨ।