ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਚ ਕਿਸਾਨਾਂ ਲਈ ਆਧੁਨਿਕ ਮਸ਼ੀਨਰੀ ਉਪਲਬੱਧ : ਡਿਪਟੀ ਕਮਿਸ਼ਨਰ*

Bathinda Politics Punjab

ਬਠਿੰਡਾ, 1 ਨਵੰਬਰ : ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਮੁਕੰਮਲ ਪ੍ਰਬੰਧਨ ਸਬੰਧੀ ਜਿਲ੍ਹੇ ਭਰ ਵਿੱਚ ਲਗਭਗ 60 ਦੇ ਕਰੀਬ ਬੇਲਰ ਅਤੇ 400 ਦੇ ਕਰੀਬ ਸੁਪਰਸੀਡਰ ਮਸ਼ੀਨਾਂ ਉਪਲਬਧ ਕਰਵਾਈਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸੈਣੇਵਾਲਾ ਅਤੇ ਗਹਿਰੀ ਬੁੱਟਰ  ਦੇ ਖੇਤਾਂ ਦੇ ਦੌਰੇ ਦੌਰਾਨ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਅਤੇ ਜਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਇਸ ਮੌਕੇ ਉਨ੍ਹਾਂ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਚ ਜਿੱਥੇ ਪਿਛਲੇ ਸਾਲ ਪਰਾਲੀ ਨੂੰ ਵੱਧ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ ਉੱਥੇ ਇਸ ਵਾਰ ਸਪੈਸ਼ਲ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪਿਛਲੇ ਸਾਲ 35 ਫੀਸਦੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਚ ਕਮੀ ਆਈ ਸੀ, ਪਰ ਇਸ ਸਾਲ ਇਸ ਕਮੀ ਨੂੰ 60-70 ਫੀਸਦੀ ਤੱਕ ਲੈ ਕੇ ਜਾਣ ਦਾ ਟੀਚਾ ਮਿੱਥਿਆ ਹੋਇਆ ਹੈ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੁਪਰ ਸੀਡਰ ਨਾਲ ਬੀਜੀ ਕਣਕ ‘ਤੇ ਸੁੰਡੀ ਦਾ ਹਮਲਾ ਨਹੀਂ ਹੁੰਦਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਜਮਾਂਬੰਦੀ ਚ ਰੈਡ ਐਂਟਰੀ ਵੀ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਸੈਣੇਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਲਈ ਬਣਾਏ ਗਏ ਡੰਪ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ।

ਇਸ ਮੌਕੇ ਫਾਇਰ ਬ੍ਰਿਗੇਡ ਅਤੇ ਪਰਾਲੀ ਪ੍ਰਬੰਧਨ ਵਿੱਚ ਲਗਾਈਆਂ ਗਈਆਂ ਟੀਮਾਂ ਦੁਆਰਾ ਪਿੰਡ ਗਹਿਰੀ ਬੁੱਟਰ ਦੇ ਖੇਤ ਚ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਨੂੰ ਵੀ ਬੁਝਾਇਆ ਗਿਆ। 

ਇਸ ਮੌਕੇ ਪਿੰਡ ਗਹਿਰੀ ਬੁੱਟਰ ਦੇ ਕਿਸਾਨ ਦੁਆਰਾ ਆਪਣੇ ਖੇਤ ਵਿੱਚ ਬੇਲਰ ਨਾਲ ਪਰਾਲੀ ਦੀਆਂ ਬਣਾਈਆਂ ਜਾ ਰਹੀਆਂ ਗੱਠਾਂ ਸਬੰਧੀ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਚ ਪਾਏ ਜਾ ਰਹੇ ਆਪਣੇ ਵਡਮੁੱਲੇ ਯੋਗਦਾਨ  ਲਈ ਧੰਨਵਾਦ ਕੀਤਾ।

ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਟੀਮਾਂ ਲਗਾਈਆਂ ਗਈਆਂ ਹਨ, ਜੋ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਦੇ ਨਾਲ- ਨਾਲ ਅਤੇ ਅੱਗ ਨਾ ਲਗਾਉਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਕਿਸਾਨਾਂ ਨੂੰ ਲਗਾਤਾਰ ਜਾਣੂ ਕਰਵਾ ਰਹੀਆਂ ਹਨ।

ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪਰਾਲੀ ਪ੍ਰਬੰਧਨ ਵਿੱਚ ਜੋ ਵੀ ਕਰਮਚਾਰੀ-ਅਧਿਕਾਰੀ ਸਲਾਘਾਯੋਗ ਉਪਰਾਲਾ ਕਰ ਰਹੇ ਹਨ, ਉਹਨਾਂ ਨੂੰ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਜਿੱਥੇ ਕਿਤੇ ਵੀ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਉੱਥੇ ਕਾਨੂੰਨੀ ਤੌਰ ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਸਹਾਇਕ ਖੇਤੀਬਾੜੀ ਅਧਿਕਾਰੀ ਸ੍ਰੀ ਗੁਰਜੀਤ ਵਿਰਕ ਆਦਿ ਹਾਜ਼ਰ ਸਨ।