ਅੰਮ੍ਰਿਤਸਰ 15 ਨਵੰਬਰ
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮੁੱਚੀ ਲੁਕਾਈ ਨੂੰ ਵਧਾਈ ਦਿੰਦੇ ਹੋਏ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਗੁਰੂ ਸਾਹਿਬ ਦੇ ਫਲਸਫੇ ਉੱਤੇ ਚੱਲ ਕੇ ਸਰਬਤ ਦੇ ਭਲੇ ਲਈ ਕੰਮ ਕਰਨ ਦਾ ਸੱਦਾ ਦਿੱਤਾ। ਪਿੰਡ ਬੰਡਾਲਾ ਦੀ ਪੰਚਾਇਤ ਨਵੀ ਆਬਾਦੀ ਵਿਖੇ ਨਵੀਂ ਬਣੇ ਸਰਪੰਚ ਬੀਬੀ ਕਰਮਜੀਤ ਕੌਰ ਵੱਲੋਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂਦੁਆਰਾ ਭੂਸੀਆਨਾ ਸਾਹਿਬ ਵਿਖੇ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇ ਸ਼ਾਮਲ ਹੁੰਦੇ ਸ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਚਾਹੁੰਦੀ ਹੈ, ਜਿਸ ਵਿੱਚ ਪਿੰਡਾਂ ਦੇ ਛੱਪੜਾਂ ਦੀ ਸਫਾਈ, ਗੰਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਦੀ ਸਪਲਾਈ ਆਦਿ ਸਹੂਲਤਾਂ ਸ਼ਾਮਿਲ ਹਨ। ਉਹਨਾਂ ਕਿਹਾ ਕਿ ਇਹ ਸਾਰਾ ਕੰਮ ਪੰਚਾਇਤਾਂ ਬਿਹਤਰ ਢੰਗ ਨਾਲ ਆਪਣੀ ਲੋੜ ਨੂੰ ਸਮਝਦੇ ਹੋਏ ਕਰਵਾ ਸਕਦੀਆਂ ਹਨ ਪਰ ਇਸ ਲਈ ਜਰੂਰੀ ਹੈ ਕਿ ਕੋਈ ਵੀ ਪੰਚਾਇਤ ਆਪਣੇ ਪਿੰਡ ਵਿੱਚ ਕੰਮ ਕਰਵਾਉਣ ਮੌਕੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕੰਮ ਕਰੇ ਅਤੇ ਸਾਰੇ ਪਿੰਡ ਦੇ ਭਲੇ ਲਈ ਪ੍ਰੋਗਰਾਮ ਉਲੀਕੇ ਜਾਣ। ਉਹਨਾਂ ਕਿਹਾ ਕਿ ਸਾਰੀਆਂ ਪੰਚਾਇਤਾਂ ਅੱਗੇ ਲੱਗ ਕੇ ਕੰਮ ਕਰਨ ਪੰਜਾਬ ਸਰਕਾਰ ਉਹਨਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕਰਨ ਲਈ ਤਿਆਰ ਹੈ। ਇਸ ਮੌਕੇ 6 ਲੋੜਵੰਦ ਪਰਿਵਾਰਾਂ ਦੀਆਂ ਬੱਚਿਆਂ ਦੇ ਸਮੂਹਿਕ ਵਿਆਹ ਵੀ ਕਰਵਾਏ ਗਏ। ਕੈਬਨਿਟ ਮੰਤਰੀ ਨੇ ਇਸ ਨੇਕ ਕਾਰਜ ਲਈ ਪਿੰਡ ਦੀ ਪੰਚਾਇਤ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਇਸੇ ਤਰ੍ਹਾਂ ਦੇ ਕੰਮ ਕਰਦੇ ਰਹਿਣ ਲਈ ਪ੍ਰੇਰਿਆ।
ਨਵੀਆਂ ਚੁਣੀਆਂ ਪੰਚਾਇਤਾਂ ਸਰਬੱਤ ਦੇ ਭਲੇ ਲਈ ਕੰਮ ਕਰਨ – ਈ ਟੀ ਓ


