ਕਿਸਾਨਾਂ ਨਾਲ ਮੰਡੀਆਂ ’ਚ ਕਿਸੇ ਕਿਸਮ ਦੀ ਜ਼ਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ-ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

Punjab S.A.S Nagar

ਡੇਰਾਬੱਸੀ, 5 ਨਵੰਬਰ, 2024:
ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਸਪੱਸ਼ਟ ਆਖਿਆ ਕਿ ਕਿਸਾਨਾਂ ਨਾਲ ਮੰਡੀ ’ਚ ਕਿਸੇ ਕਿਸਮ ਦੀ ਜ਼ਿਆਦਤੀ ਜਾਂ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਇਆ ਤਾਂ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।
ਅੱਜ ਡੇਰਾਬੱਸੀ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮਿਲਣ ਪੁੱਜੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸ਼ਿਕਾਇਤਾਂ ਸਬੰਧੀ ਐਸ ਡੀ ਐਮ ਡੇਰਾਬੱਸੀ ਨੂੰ ਅਗਲੇਰੀ ਕਾਰਵਾਈ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਇਸ ਮਾਮਲੇ ’ਚ ਕਿਸਾਨਾਂ ਦੀ ਫ਼ਸਲ ਦੀ ਕਟੌਤੀ ਲਈ ਕਸੂਰਵਾਰ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ, ਕੇਂਦਰ ਦੀਆਂ ਅੜਚਣਾਂ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਅਤੇ ਡੀ ਏ ਪੀ ਦੇ ਬਦਲਵੇਂ ਪ੍ਰਬੰਧਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ।
ਵਿਧਾਇਕ ਰੰਧਾਵਾ ਨੇ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸੂਬੇ ਦੀ ਸਤ੍ਹਾਧਾਰੀ ਧਿਰ ਦੇ ਨੁਮਾਇੰਦੇ ਹੋਣ ਤੋਂ ਪਹਿਲਾਂ ਉਹ ਇੱਕ ਕਿਸਾਨ ਅਤੇ ਹਲਕਾਂ ਡੇਰਾਬੱਸੀ ਦੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਦੇ ਫ਼ਰਜ਼ ਨੂੰ ਪੂਰੀ ਤਰ੍ਹਾਂ ਸਮਝਦੇ ਹਨ, ਇਸ ਲਈ ਉਹ ਉਨ੍ਹਾਂ ਦੀ ਮੰਡੀ ’ਚ ਕਿਸੇ ਵੀ ਤਰ੍ਹਾਂ ਦੀ ਲੁੱਟ-ਖਸੁੱਟ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਲੋੜੀਂਦੀ ਕਾਰਵਾਈ ਕਰਵਾਉਣਗੇ।
ਉਨ੍ਹਾਂ ਇਸ ਮੌਕੇ ਭਰੋਸਾ ਦਿੱਤਾ ਕਿ ਝੋਨੇ ਦੀ ਖਰੀਦ ਦੇ ਨਾਲ-ਨਾਲ ਜ਼ਿਲ੍ਹੇ ਵਿੱਚ ਕਿਸਾਨਾਂ ਲਈ  ਆਲੂ ਅਤੇ ਕਣਕ ਦੀ ਬਿਜਾਈ ਲਈ ਲੋੜੀਂਦੇ ਖਾਦ ਦਾ ਬਦਲਵਾਂ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ, ਜਿਸ ਲਈ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਵੀ ਗੱਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਡੀ ਏ ਪੀ ਦੀ ਪੂਰਤੀ ਲਈ ਬਦਲਵੀਂ ਖਾਦ ਦਾ ਲੋੜੀਂਦਾ ਸਟਾਕ ਮੌਜੂਦ ਹੈ।