ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਬਰਿੰਦਰ ਕੁਮਾਰ ਗੋਇਲ

Politics Punjab


ਚੰਡੀਗੜ੍ਹ, ਅਕਤੂਬਰ 22

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਧੀਨ ਸੂਬੇ ਦੇ ਵਿਦਿਆਰਥੀਆਂ ਨੂੰ ਵਧੀਆਂ ਸਕੂਲੀ ਸਿੱਖਿਆ ਦੇਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਜਿਸ ਕਾਰਣ ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ।  ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜਿਲ੍ਹਾ ਐਸ.ਏ.ਐਸ ਨਗਰ ਦੇ ਮੁੱਲਾਂਪੁਰ ਗਰੀਬਦਾਸ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਕੀਤਾ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਾਉਣ ਅਤੇ ਉਨ੍ਹਾ ਦੇ ਮਾਪੇ ਅਤੇ ਅਧਿਆਪਕਾਂ ਦੇ ਸੰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਅੱਜ ਸੂਬੇ ਦੇ 20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਉਘੇ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦੌਰਾਨ ਅਧਿਆਪਕ ਤੇ ਮਾਪੇ ਬੱਚਿਆਂ ਬਾਰੇ ਫੀਡਬੈਕ ਹਾਸਲ ਕਰ ਰਹੇ ਹਨ। ਇਸ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਵਿਸ਼ੇਸ ਵਿਚਾਰ ਚਰਚਾ ਕੀਤੀ ਜਾ ਰਹੀ ਹੈ।

ਸੂਬਾ ਸਰਕਾਰ ਵੱਲੋਂ ਕਰਵਾਈ ਗਈ ਇਸ ਮਾਪੇ-ਅਧਿਆਪਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਨਿੱਜੀ ਤੌਰ ਤੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਸਿੱਖਿਆ ਨਾਲ ਸੰਬੰਧਿਤ ਮੁੱਦਿਆਂ ਨੂੰ ਜਾਣਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵੱਧ ਤੋਂ ਵੱਧ ਮਿਹਨਤ ਕਰਨ, ਆਪਣੀ ਜਿੰਦਗੀ ਦਾ ਟੀਚਾ ਵੱਡਾ ਰੱਖਣ ਅਤੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।  

ਮੰਤਰੀ ਸ੍ਰੀ ਗੋਇਲ ਨੇ ਵਿਦਿਆਰਥੀਆਂ ਦੇ ਸਮੁਚੇ ਵਿਕਾਸ ਲਈ ਮਾਪੇ-ਅਧਿਆਪਕ ਮਿਲਣੀ ਨੂੰ ਲਾਜ਼ਮੀ ਦੱਸਿਆ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਸਕੂਲ ਅਤੇ ਪਰਿਵਾਰਾਂ ਵਿਚਕਾਰ ਮਜ਼ਬੂਤ ਸਬੰਧ ਬਣਾਉਣ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾ ਨੇ ਸੂਬਾ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਲਿਆਏ ਜਾ ਰਹੇ ਬਿਹਤਰੀਕਰਨ ਦੀ ਰੂਪਰੇਖਾ ਵੀ ਸਾਂਝੀ ਕੀਤੀ।  ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਵਧੀਆ ਬਨਾਉਣ ਲਈ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ ਜਿਹਨਾਂ ਵਿੱਚ ਕੈਂਪਸ ਮੈਨੇਜਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨੈਸ, ਵਿਦਿਆਰਥੀਆਂ ਦੀ ਵਰਦੀ ਆਦਿ ਸ਼ਾਮਲ ਹਨ।

ਇਸ ਤੋਂ ਪਹਿਲਾਂ ਸ੍ਰੀ ਗੋਇਲ ਦੇ ਸਕੂਲ ਆਫ ਐਮੀਂਨੈਸ ਮੁੱਲਾਂਪੁਰ ਗਰੀਬਦਾਸ ਵਿਖੇ ਪਹੁੰਚਣ ਤੇ ਪ੍ਰਿੰਸੀਪਲ ਸ੍ਰੀਮਤੀ ਜੋਤੀ ਸੋਨੀ, ਸਕੂਲ ਸਟਾਫ ਅਤੇ ਹੋਰ ਉੱਘੇ ਪਤਵੰਤਿਆਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ।  ਇਸ ਤੋਂ ਬਾਅਦ ਮੰਤਰੀ ਸ੍ਰੀ ਗੋਇਲ ਨੇ ਸਕੂਲੀ ਬੱਚਿਆਂ ਦੁਆਰਾ ਲਗਾਈਆਂ ਗਈਆਂ ਵੱਖ ਵੱਖ ਪ੍ਰਦਰਸ਼ਨੀਆਂ ਵੀ ਵੇਖੀਆਂ।  ਉਨ੍ਹਾਂ ਨੇ ਵਪਾਰਕ ਨਜ਼ਰੀਆ ਰੱਖਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।  

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕ , ਵਿਦਿਆਰਥੀ ਅਤੇ ਉਘੇ ਵਿਅਕਤੀਆਂ ਵਿੱਚ ਅਰਵਿੰਦ ਪੁਰੀ, ਜਸਪਾਲ ਸਿੰਘ, ਜਤਿੰਦਰ ਸਿੰਘ, ਸਰਬਜੀਤ ਕੋਰ, ਲਾਲ ਸਿੰਘ, ਗੋਰਵ ਅਤੇ ਪਰਮਜੀਤ ਸਿੰਘ ਵਿਸ਼ੇਸ ਤੌਰ ਤੇ ਹਾਜ਼ਰ ਸਨ।