ਚੰਡੀਗੜ੍ਹ 19 ਫਰਵਰੀ 2025:
ਪ੍ਰਸ਼ਾਸਕੀ ਸੁਧਾਰਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਦੇ ਹੱਲ ਲਈ ਤੀਜੀ ਆਨਲਾਈਨ ਐਨ.ਆਰ.ਆਈ. ਮਿਲਨੀ ਕੀਤੀ ਅਤੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ‘ਤੇ ਸੁਣਿਆ।
ਉਨ੍ਹਾਂ ਕਿਹਾ ਕਿ ਇਹ ਇੱਕ ਵਿਲੱਖਣ ਪਹਿਲਕਦਮੀ ਹੈ ਜੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਹੋਰ ਕਿਸੇ ਵੀ ਸੂਬੇ ਵੱਲੋਂ ਪ੍ਰਵਾਸੀ ਭਾਰਤੀ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦੀ ਐਨ.ਆਰ.ਆਈ. ਮਿਲਨੀ ਨਹੀਂ ਕੀਤੀ ਗਈ।
ਉਨ੍ਹਾਂ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪ੍ਰਵੀਨ ਕੇ. ਸਿਨਹਾ ਅਤੇ ਸਬੰਧਤ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼. ਨੂੰ ਪ੍ਰਵਾਸੀ ਪੰਜਾਬੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 109 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿੱਚੋਂ 56 ਸ਼ਿਕਾਇਤਾਂ ਈਮੇਲ ਰਾਹੀਂ ਅਤੇ 53 ਸ਼ਿਕਾਇਤਾਂ ਇਸ ਮਿਲਨੀ ਵਿੱਚ ਵਟਸਐਪ ਨੰਬਰ ‘ਤੇ ਪ੍ਰਾਪਤ ਹੋਈਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।
ਉਨ੍ਹਾਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋਈ ਕਿ ਇਸ ਮਿਲਣੀ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪਹਿਲਾਂ ਹੀ ਪੰਜਾਬ ਭਰ ਵਿੱਚ 9 ਪ੍ਰਵਾਸੀ ਭਾਰਤੀ ਮਿਲਨੀ ਆਫਲਾਈਨ ਮੋਡ ਰਾਹੀਂ ਵੀ ਕਰ ਚੁੱਕੇ ਹਾਂ। ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਹਨਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਉਹਨਾਂ ਦੇ ਨਾਲ ਹੈ ਅਤੇ ਪ੍ਰਵਾਸੀ ਪੰਜਾਬੀਆਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਕਿਹਾ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੇ ਹਨ।
ਧਾਲੀਵਾਲ ਨੇ ਸ਼ਿਕਾਇਤਕਰਤਾਵਾਂ ਨੂੰ ਆਪਣੀਆਂ ਸ਼ਿਕਾਇਤਾਂ ‘ਤੇ ਆਪਣਾ ਪਤਾ, ਮੋਬਾਈਲ ਨੰਬਰ ਅਤੇ ਈਮੇਲ ਆਈਡੀ ਦੇਣ ਦੀ ਬੇਨਤੀ ਕੀਤੀ ਤਾਂ ਜੋ ਸਬੰਧਤ ਅਧਿਕਾਰੀ ਉਨ੍ਹਾਂ ਨਾਲ ਆਸਾਨੀ ਨਾਲ ਸੰਪਰਕ ਕਰ ਸਕਣ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ ਜਾਣ ਲਈ ਗੈਰ-ਕਾਨੂੰਨੀ ਤਰੀਕੇ ਨਾ ਅਪਣਾਉਣ ਅਤੇ ‘ਡੰਕੀ’ ਰਸਤਾ ਉਨ੍ਹਾਂ ਦੀ ਕੀਮਤੀ ਜਾਨ ਨੂੰ ਖਤਰੇ ਵਿੱਚ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰੀ ਬਹੁਤ ਖਤਰਨਾਕ ਹੈ ਅਤੇ ਭੋਲੇ-ਭਾਲੇ ਲੋਕ ਆਸਾਨੀ ਨਾਲ ਧੋਖੇਬਾਜ਼ ਏਜੰਟਾਂ ਦੇ ਜਾਲ ਵਿੱਚ ਫਸ ਜਾਂਦੇ ਹਨ ਜਿਸ ਨਾਲ ਕਰੋੜਾਂ ਰੁਪਏ ਦੀ ਬਰਬਾਦੀ ਹੁੰਦੀ ਹੈ। ਇਸ ਐਨਆਰਆਈ ਮਿਲਣੀ ਨੂੰ ਇਸ ਲਿੰਕ https://www.facebook.com/share/v/1AWykhLvqw/?mibextid=wwXIfr ‘ਤੇ ਵੀ ਦੇਖਿਆ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਇਸ ਤੀਜੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਵਿੱਚ ਵਧੀਕ ਮੁੱਖ ਸਕੱਤਰ ਦਿਲੀਪ ਕੁਮਾਰ, ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪ੍ਰਵੀਨ ਕੇ ਸਿਨਹਾ, ਐਨ.ਆਰ.ਆਈ. ਸਭਾ ਦੀ ਪ੍ਰਧਾਨ ਪਰਵਿੰਦਰ ਕੌਰ ਅਤੇ ਏ.ਆਈ.ਜੀ. ਐਨ.ਆਰ.ਆਈ. ਅਜਿੰਦਰ ਸਿੰਘ ਨੇ ਸ਼ਿਰਕਤ ਕੀਤੀ।
ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਜਲਦ ਹੱਲ ਲਈ ਕਰਵਾਈ ਤੀਜੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਨੀ


