ਹੁਸ਼ਿਆਰਪੁਰ, 3 ਜੁਲਾਈ: 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜ਼ਰਵਰ ਅਤੇ ਐਮ.ਡੀ. ਸ਼ੂਗਰਫੈੱਡ ਸੇਨੂ ਦੁੱਗਲ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨਾਲ ਮਿਲ ਕੇ ਚੋਣ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਗਰ ਨਿਗਮ ਦੇ 50 ਵਾਰਡਾਂ ਲਈ ਕੁੱਲ 1,33,569 ਵੋਟਰ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ 139 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਹੋਰ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ 12 ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ ਵੀ ਮੌਜੂਦ ਸਨ।
ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਈ.ਏ.ਐਸ. ਅਧਿਕਾਰੀ ਅਤੇ ਚੋਣ ਆਬਜ਼ਰਵਰ ਸੇਨੂ ਦੁੱਗਲ ਦਾ ਕੈਂਪ ਦਫ਼ਤਰ ਪੀ.ਡਬਲਯੂ.ਡੀ. ਰੈਸਟ ਹਾਊਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ। ਚੋਣਾਂ ਨਾਲ ਸੰਬੰਧਿਤ ਕਿਸੇ ਵੀ ਮਾਮਲੇ ਸਬੰਧੀ ਉਨ੍ਹਾਂ ਨਾਲ ਮੋਬਾਈਲ ਨੰਬਰ 94787-84338 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸੇ ਦੌਰਾਨ ਰਾਜ ਚੋਣ ਕਮਿਸ਼ਨ ਵੱਲੋਂ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਨੂੰ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਪੁਲਿਸ ਆਬਜ਼ਰਵਰ ਵਜੋਂ ਉਹ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਪੁਲਿਸ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।
ਉਨ੍ਹਾਂ ਦਾ ਕੈਂਪ ਦਫ਼ਤਰ ਵੀ ਪੀ.ਡਬਲਯੂ.ਡੀ. ਰੈਸਟ ਹਾਊਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ। ਜ਼ਿਲ੍ਹਾ ਵਾਸੀ ਅਤੇ ਚੋਣ ਪ੍ਰਕਿਰਿਆ ਨਾਲ ਜੁੜਿਆ ਕੋਈ ਵੀ ਵਿਅਕਤੀ ਕਾਨੂੰਨ-ਵਿਵਸਥਾ ਜਾਂ ਸੁਰੱਖਿਆ ਨਾਲ ਸੰਬੰਧਿਤ ਮਾਮਲਿਆਂ ਸਬੰਧੀ ਪੁਲਿਸ ਆਬਜ਼ਰਵਰ ਨਾਲ ਮੋਬਾਈਲ ਨੰਬਰ 99881-36351 ‘ਤੇ ਸੰਪਰਕ ਕਰ ਸਕਦਾ ਹੈ।
