ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਵਿਧਾਇਕ ਬੁੱਧ ਰਾਮ

Mansa

ਬੁਢਲਾਡਾ/ਮਾਨਸਾ, 25 ਜੂਨ:
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਯੋਜਨਾਵਾਂ ’ਤੇ ਅਮਲ ਕਰਨ ਲਈ ਵਚਨਬੱਧ ਹੈ। ਸਰਕਾਰ ਦੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਸਬ-ਡਵੀਜ਼ਨ ਬੁਢਲਾਡਾ ਦੇ ਸਮੂਹ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਸਰਕਾਰੀ ਕੰਮਕਾਜ ਨੂੰ ਪਾਰਦਰਸ਼ਤਾ ਅਤੇ ਸਮਾਂਬੱਧ ਢੰਗ ਨਾਲ ਕਰਨਾ ਯਕੀਨੀ ਬਣਾਉਣ। ਆਪਣੇ ਆਪਣੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਵੱਲ ਵਿਸ਼ੇਸ ਧਿਆਨ ਦੇ ਕੇ ਉਨ੍ਹਾਂ ਨੂੰ ਸਮਾਂਬੱਧ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਬਰਸਾਤੀ ਨਾਲਿਆਂ ਦੀ ਸਫਾਈ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਕਿਹਾ ਤਾਂ ਜੋ ਬਰਸਾਤ ਦੇ ਪਾਣੀ ਦੀ ਨਿਕਾਸੀ ਠੀਕ ਤਰੀਕੇ ਨਾਲ ਹੁੰਦੀ ਰਹੇ। ਉਨ੍ਹਾਂ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ।
ਉਨ੍ਹਾਂ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਹਰੇਕ ਵਾਟਰ ਵਰਕਸ ਨੂੰ ਨਹਿਰੀ ਪਾਣੀ ਸਪਲਾਈ ਨਾਲ ਜੋੜਨ ਦੇ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਵੱਲੋਂ ਸ਼ਹਿਰਾਂ ਵਿੱਚ ਸੀਵਰੇਜ਼ ਸਬੰਧੀ ਸਬੰਧਿਤ ਕੰਪਨੀ ਨੂੰ ਆਪਣੇ ਵਰਕਰਾਂ ਦੀ ਗਿਣਤੀ ਵਧਾਉਣ ਦੀ ਤਾਕੀਦ ਕੀਤੀ ਗਈ ਤਾਂ ਜੋ ਸੀਵਰੇਜ਼ ਸਿਸਟਮ ਦੀ ਸਫ਼ਾਈ ਹੁੰਦੀ ਰਹੇ।
ਉਨ੍ਹਾਂ ਤਹਿਸੀਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਉਨ੍ਹਾਂ ਦੇ ਕੰਮਕਾਜ ਕਰਵਾਉਣ ਵਿਚ ਕੋਈ ਸਮੱਸਿਆ ਪੇਸ਼ ਨਾ ਆਵੇ ਅਤੇ ਮਾਲ ਵਿਭਾਗ ਦਾ ਹਰ ਕੰਮ ਸਮਾਂਬੱਧ ਢੰਗ ਨਾਲ ਕੀਤਾ ਜਾਵੇ।
ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।