ਸਰਦੂਲਗੜ੍ਹ/ਮਾਨਸਾ, 23 ਅਗਸਤ:
ਐਸ.ਡੀ.ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਤੇ ਬਲਾਕ ਖੇਤੀਬਾੜੀ ਅਫ਼ਸਰ ਸਰਦੂਲਗੜ੍ਹ ਮਨੋਜ ਕੁਮਾਰ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋ ਰੋਕਣ ਲਈ ਖੇਤੀਬਾੜੀ ਵਿਭਾਗ ਦੀ ਸਮਾਂਸਾਰਣੀ ਅਨੁਸਾਰ ਸਰਦੂਲਗੜ੍ਹ ਦੇ ਪਿੰਡ ਝੰਡੂਕੇ, ਫੱਤਾ ਮਾਲੋਕਾ, ਆਦਮਕੇ, ਅਤੇ ਕੁਸਲਾ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਗਿਆ।
ਇਸੇ ਲੜੀ ਤਹਿਤ ਪਿੰਡ ਹੀਰਕੇ ਵਿਖੇ ਆਯੋਜਿਤ ਕਿਸਾਨ ਸਿਖਲਾਈ ਕੈਂਪ ਵਿੱਚ ਸ਼ਾਮਿਲ ਹੋਏ ਕਿਸਾਨਾਂ ਨੂੰ ਜੀ ਆਇਆਂ ਕਹਿੰਦਿਆ ਸ੍ਰੀ ਸੁਲੇਖ ਅਮਨ ਕੁਮਾਰ ਮਹਿਲਾ, ਖੇਤੀਬਾੜੀ ਵਿਕਾਸ ਅਫ਼ਸਰ ਨੇ ਤਕਨੀਕੀ ਸ਼ੈਸਨ ਦੌਰਾਨ ਪਰਾਲੀ ਦੇ ਯੋਗ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਖੇਤਾਂ ਵਿੱਚ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਜਿਵੇ ਕਿ ਪੀ.ਆਰ 126 ਅਤੇ ਬਾਸਮਤੀ ਆਦਿ ਦੇ ਖੇਤ ਵਿੱਚ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਮਲਚਰ ਜਾਂ ਸਰਫੇਸ ਸੀਡਰ ਦੀ ਵਰਤੋਂ ਕਰਕੇ ਪਰਾਲੀ ਦਾ ਸੁੱਚਜਾ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਲੰਬਾ ਸਮਾਂ ਲੈਣ ਵਾਲੀਆਂ ਕਿਸਮਾਂ ਲਈ ਬੇਲਰ ਵਰਤ ਕੇ ਪਰਾਲੀ ਨੂੰ ਖੇਤ ਵਿੱਚੋਂ ਬਾਹਰ ਕੱਢ ਕੇ ਜੀਰੋ ਡਰਿੱਲ ਨਾਲ ਵੀ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।
ਬਲਾਕ ਤਕਨੀਕੀ ਮੈਨੇਜਰ ਸ੍ਰੀ ਅਮਰਿੰਦਰ ਸਿੰਘ ਦੁਆਰਾ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਤੇ ਸਾਹ ਰੋਗ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ, ਉੱਥੇ ਹੀ ਮਿੱਟੀ ਦੇ ਜ਼ਰੂਰੀ ਤੱਤ ਖਤਮ ਹੋ ਜਾਂਦੇ ਹਨ ਜੋ ਤੱਤ ਅਗਲੀ ਫਸਲ ਦੀ ਬਿਜਾਈ ਸਮੇਂ ਵਰਤੋ ਵਿੱਚ ਆਉਣੇ ਹੁੰਦੇ ਹਨ।
ਇਸ ਮੌਕੇ ਕਿਸਾਨਾਂ ਦੁਆਰਾ ਫਸਲਾਂ ਸਬੰਧੀ ਅਤੇ ਪਰਾਲੀ ਦੇ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਦੁਆਰਾ ਪਰਾਲੀ ਪ੍ਰੰਬਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ। ਕੈਂਪਾਂ ਵਿੱਚ ਹਾਜਰ ਕੰਬਾਇਨ ਮਾਲਕਾਂ ਨੇ ਸੁਪਰ ਐਸ.ਐਮ.ਐਸ ਸਮੇਤ ਕੰਬਾਇਨ ਚਲਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਬਲਾਕ ਖੇਤੀਬਾੜੀ ਦਫ਼ਤਰ, ਸਰਦੂਲਗੜ੍ਹ ਦੇ ਅਧਿਕਾਰੀ ਅਤੇ ਹੋਰ ਮੋਹਤਬਰ ਕਿਸਾਨ ਹਾਜ਼ਰ ਸਨ।
ਝੋਨੇ ਦੀ ਪਰਾਲੀ ਦੇ ਪ੍ਰੰਬਧਨ ਸਬੰਧੀ ਬਲਾਕ ਸਰਦੂਲਗੜ੍ਹ ਦੇ ਪਿੰਡਾਂ ’ਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ


