“ਊਰਜਾ ਸੰਭਾਲ” ਵਿਸ਼ੇ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 20 ਅਗਸਤ

ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਲੁਧਿਆਣਾ ਦੀ ਅਗਵਾਈ ਹੇਠ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਖੇਤੀਬਾੜੀ ਡਿਮਾਂਡ ਸਾਈਡ ਮੈਨੇਜਮੈਂਟ (AgDSM) ਅਧੀਨ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਦੇ ਸਹਿਯੋਗ ਨਾਲ ਅੱਜ “ਊਰਜਾ ਸੰਭਾਲ” ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ।

 ਇਸ ਸਮਾਗਮ ਵਿੱਚ 62 ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਨੇ ਊਰਜਾ ਅਤੇ ਪਾਣੀ ਦੀ ਸੰਭਾਲ ਦੇ ਵੱਖ-ਵੱਖ ਸਾਧਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਕਰਮਜੀਤ ਸ਼ਰਮਾ ਨੇ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ ਅਤੇ ਸੂਰਜੀ ਊਰਜਾ ਅਤੇ ਜ਼ਮੀਨਦੋਜ਼ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। 

ਇਸ ਮੌਕੇ ਸ਼੍ਰੀ ਕਰਨ ਕੰਧਾਰੀ, ਪ੍ਰੋਗਰਾਮ ਕੋਆਰਡੀਨੇਟਰ (PEDA) ਨੇ ਘਰੇਲੂ ਅਤੇ ਖੇਤ ਪੱਧਰ ‘ਤੇ ਸੂਰਜੀ ਊਰਜਾ ਦੀ ਸੰਭਾਵਨਾ ਨੂੰ ਵਰਤਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸ੍ਰੀ ਰਾਹੁਲ ਜਾਂਗਿਡ, ਊਰਜਾ ਪ੍ਰਬੰਧਕ (ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ) ਨੇ ਭਾਗੀਦਾਰਾਂ ਨੂੰ ਪਾਣੀ ਦੀ ਸੰਭਾਲ ਦੇ ਵੱਖ-ਵੱਖ ਸਾਧਨਾਂ ਅਤੇ ਸੂਰਜੀ ਊਰਜਾ ਯੰਤਰਾਂ ਦੀ ਵਰਤੋਂ ਬਾਰੇ ਜਾਣੂ ਕਰਵਾਇਆ। ਉਹਨਾਂ ਸੋਲਰ ਡਰਾਇਅਰ ਅਤੇ ਸੋਲਰ ਕੂਕਰ ਆਦਿ ਯੰਤਰਾਂ ਦੀ ਸੁਚੱਜੀ ਵਰਤੋਂ ਬਾਰੇ ਵੀ ਗੱਲਬਾਤ ਕੀਤੀ।

ਇਸ ਦੌਰਾਨ ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ), ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ), ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਅਤੇ ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।