24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime Politics Punjab

ਚੰਡੀਗੜ੍ਹ, 22 ਨਵੰਬਰ, 2024 –

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਲਾਕ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਾਹਣੀਆਂ ਕੋਹਾੜਾ ਵਾਸੀ ਜੋਗਿੰਦਰ ਸਿੰਘ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਸਾਲ 2019-2024 ਤੱਕ ਪਿੰਡ ਮਾਹਣੀਆਂ ਕੋਹਾੜਾ ਦਾ ਸਰਪੰਚ ਸੀ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਵਿਕਾਸ ਗ੍ਰਾਂਟਾਂ ਪ੍ਰਾਪਤ ਹੋਈਆਂ ਸਨ। ਮੁਲਜ਼ਮ ਨੇ ਉਸ ਦੇ ਖਾਤੇ ਵਿੱਚ ਕੁੱਲ 1,27,800 ਰੁਪਏ ਟਰਾਂਸਫਰ ਕੀਤੇ ਸਨ ਅਤੇ ਬਾਅਦ ਵਿੱਚ ਇਸ ਨੂੰ ਨਕਦੀ ਰੂਪ ਵਿੱਚ ਲੈ ਲਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹੁਣ ਪੰਚਾਇਤ ਅਫ਼ਸਰ ਵੱਲੋਂ ਉਕਤ ਵਿਕਾਸ ਫੰਡਾਂ ਵਿੱਚੋਂ 12,50000 ਰੁਪਏ ਦੇ ਯੂਜ਼ਰ ਸਰਟੀਫ਼ਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਫ਼ੀਸਦ ਰਿਸ਼ਵਤ ਵਜੋਂ 24,000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ।