ਬਠਿੰਡਾ, 2 ਦਸੰਬਰ : ਪੰਚਾਇਤ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਪਿੰਡਾਂ ਦੇ ਵਿਕਾਸ ਕਾਰਜ ਕਰਨ ਨੂੰ ਤਰਜੀਹ ਦੇਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੇ ਬਲਾਕ ਤਲਵੰਡੀ ਸਾਬੋ ਦੇ ਨਵੇਂ ਚੁਣੇ ਸਰਪੰਚਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਆਪਣਾ ਲੋੜੀਦੇ ਯੋਗਦਾਨ ਪਾਉਣ ਲਈ ਉਤਸਾਹਿਤ ਕਰਨ ਮੌਕੇ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਅੰਦਰ ਛੱਪੜਾਂ ਦੀ ਸਾਫ-ਸਫਾਈ ਕਰਵਾ ਕੇ ਉਹਨਾਂ ਨੂੰ ਥਾਪਰ ਮਾਡਲ ਦਾ ਰੂਪ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਸਰਪੰਚਾਂ ਕੋਲੋਂ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜਿਨਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਲਾਕ ਤਲਵੰਡੀ ਸਾਬੋ ਦੇ ਸਰਪੰਚਾਂ ਨੂੰ ਕਿਹਾ ਕਿ ਪਿੰਡ ਦੇ ਕਿਹੜੇ-ਕਿਹੜੇ ਕੰਮ ਕਰਨੇ ਹਨ ਉਹਨਾਂ ਨੂੰ ਟੀਚਾ ਮਿੱਥ ਕੇ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਉਨਾਂ ਕਿਹਾ ਕਿ ਪਿੰਡਾਂ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਦੀ ਡਿਮਾਂਡ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਦੇਣੀ ਯਕੀਨੀ ਬਣਾਈ ਜਾਵੇ ਤਾਂ ਜੋ ਉਹਨਾਂ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਨਿਪਟਾਇਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਬਣਾਈਆਂ ਜਾਣ ਵਾਲੀਆਂ ਲਾਇਬਰੇਰੀਆਂ ਦੇ ਕਾਰਜ ਨੂੰ 15 ਦਸੰਬਰ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਮੌਕੇ ਉਹਨਾਂ ਸਮੂਹ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਸੋਲਡ ਵੇਸਟ ਮੈਨੇਜਮੈਂਟ ਦੇ ਪਿਟਸ ਬਣਾਏ ਜਾਣ ਜਿਸ ਨਾਲ ਜਿੱਥੇ ਖਾਦ ਤਿਆਰ ਹੋਵੇਗੀ ਉੱਥੇ ਹੀ ਪਿੰਡ ਦੀ ਸਾਫ-ਸਫਾਈ ਵੀ ਨਾਲੋ ਨਾਲ ਹੁੰਦੀ ਰਹੇਗੀ।
ਇਸ ਮੌਕੇ ਸਮੂਹ ਸਰਪੰਚਾਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹਨਾਂ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਇਮਾਨਦਾਰੀ ਨਾਲ ਕੀਤਾ ਜਾਵੇਗਾ।
ਇਸ ਮੌਕੇ ਐਸਡੀਐਮ ਸ. ਹਰਜਿੰਦਰ ਸਿੰਘ ਜੱਸਲ, ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਬਲਾਕ ਤਲਵੰਡੀ ਸਾਬੋ ਦੇ ਸਰਪੰਚ ਆਦਿ ਹਾਜਰ ਸਨ।