ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਹੀਯੋਗ ਪ੍ਰਬੰਧਨ ਹੈ-ਡਿਪਟੀ ਕਮਿਸ਼ਨਰ

Mansa Politics Punjab

ਮਾਨਸਾ, 12 ਨਵੰਬਰ :
ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਹੀ ਯੋਗ ਪ੍ਰਬੰਧਨ ਹੈ, ਜਿਸ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਖੇਤਾਂ ਦੇ ਮਿੱਤਰ ਕੀੜਿਆਂ ਅਤੇ ਉਪਜਾਊ ਸ਼ਕਤੀ ਨਸ਼ਟ ਹੋਣ ਤੋਂ ਬਚਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਵੱਖ-ਵੱਖ ਪਿੰਡਾਂ ਜਵਾਹਰਕੇ, ਆਲਮਪੁਰ ਮੰਦਰਾਂ, ਬਰਨਾਲਾ, ਖਾਰਾ, ਬਰੇ੍ਹ, ਟਾਹਲੀਆਂ ਅਤੇ ਜੋਈਆਂ ਆਦਿ ਦੇ ਦੌਰੇ ਦੌਰਾਨ ਕਿਸਾਨਾਂ ਵੀਰਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੋਂ ਪ੍ਰਰਿਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਵੱਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਖੇਤਾਂ ਵਿੱਚ ਜਾ ਕੇ ਬੁਝਾਇਆ ਗਿਆ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਬਦਲਵੇਂ  ਤਰੀਕਿਆਂ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਰਾਲੀ ਦੇ ਯੋਗ ਪ੍ਰਬੰਧਨ ਤੋਂ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਤਹਿਤ ਲਗਾਤਾਰ ਕੈਂਪ ਲਗਾ ਕੇ ਜਾਣਕਾਰੀ ਦਿੱਤੀ ਗਈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਆਧੁਨਿਕ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦੇ ਯੋਗ ਪ੍ਰਬੰਧ ਕਰਨ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਐਕਸ-ਸੀਟੂ ਅਤੇ ਇਨ-ਸੀਟੂ ਮੈਨੇਜਮੈਂਟ ਰਾਹੀਂ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਕਸਾਰ ਤਰੀਕਿਆਂ ਨਾਲ ਜਿੱਥੇ ਵਾਤਾਵਰਣ ਸੁਰੱਖਿਅਤ ਰਹਿੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕਿਸੇ ਵਿਸ਼ੇਸ਼ ਮਸ਼ੀਨਰੀ ਦੀ ਜ਼ਰੂਰਤ ਹੁੰਦੀ ਹੈ, ਤਾਂ ਸਬੰਧਤ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਐਸ.ਐਸ.ਪੀ. ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਂਝੀਆਂ ਟੀਮਾਂ ਦਾ ਗਠਨ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ, ਉਨ੍ਹਾਂ ’ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।