ਸੰਗਰੂਰ, 19 ਜੂਨ: ਸੰਗਰੂਰ ਜ਼ਿਲ੍ਹੇ ਵਿੱਚ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਸਾਰੇ 6 ਪ੍ਰੀਖਿਆ ਕੇਂਦਰਾਂ ‘ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੀਖਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਆਵਾਜਾਈ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ 21 ਜੂਨ ਨੂੰ ਸਵੇਰੇ 9:00 ਵਜੇ ਤੋਂ ਸੰਗਰੂਰ ਬੱਸ ਸਟੈਂਡ ਤੋਂ ਜ਼ਿਲ੍ਹੇ ਦੇ ਸਾਰੇ 6 ਪ੍ਰੀਖਿਆ ਕੇਂਦਰਾਂ ਲਈ ਬੱਸ ਸੇਵਾ ਉਪਲਬਧ ਕਰਵਾਈ ਜਾਵੇਗੀ, ਤਾਂ ਜੋ ਪ੍ਰੀਖਿਆਰਥੀ ਸਮੇਂ ਸਿਰ ਅਤੇ ਬਿਨਾਂ ਕਿਸੇ ਦਿੱਕਤ ਦੇ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚ ਸਕਣ।
ਏ.ਡੀ.ਸੀ. ਨੇ ਦੱਸਿਆ ਕਿ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 94192-65833 (ਸ਼੍ਰੀ ਨਿਤਿਨ ਦੇਵ) ਅਤੇ 83602-77500 (ਸ਼੍ਰੀ ਵਿਕਾਸ ਗੁਪਤਾ) ਜਾਰੀ ਕੀਤੇ ਗਏ ਹਨ, ਜਿਨ੍ਹਾਂ ‘ਤੇ ਸੰਪਰਕ ਕਰਕੇ ਲੋੜੀਂਦੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਸਾਰੇ ਪ੍ਰੀਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੇ ਦਿਨ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ, ਪ੍ਰੀਖਿਆ ਕੇਂਦਰ ‘ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚਣ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
