ਮੋਗਾ 25 ਜਨਵਰੀ
ਗਣਤੰਤਰਤਾ ਦਿਵਸ ਸਬੰਧੀ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਦਾਣਾ ਮੰਡੀ ਮੋਗਾ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ। ਜ਼ਿਲ੍ਹਾ ਪੱਧਰੀ ਸਮਾਗਮ ਦਾਣਾ ਮੰਡੀ ਮੋਗਾ ਵਿਖੇ ਮਨਾਇਆ ਜਾਵੇਗਾ। ਜਿਸ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਬਲਕਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ।ਇਹ ਪ੍ਰੋਗਰਾਮ ਸਵੇਰੇ 9:58 ਵਜੇ ਸ਼ੁਰੂ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰੋਹ ਦੌਰਾਨ ਪੰਜਾਬ ਪੁਲਿਸ ਦੀਆਂ ਅਤੇ ਹੋਰਨਾਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੱਢਿਆ ਜਾਵੇਗਾ।ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਗਿੱਧਾ ਅਤੇ ਭੰਗੜੇ ਨਾਲ ਸਬੰਧਤ ਆਈਟਮਾਂ ਵੀ ਪੇਸ਼ ਕੀਤੀਆਂ ਜਾਣਗੀਆਂ।
ਇਸ ਵਾਰ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਵੀ ਪੇਸ਼ ਕੀਤਾ ਜਾਵੇਗਾ। ਪੂਰੇ ਜੋਸ਼ ਤੇ ਉਤਸ਼ਾਹ ਨਾਲ ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ ਤੋਂ ਇਲਾਵਾ ਇਨਾਮ ਵੰਡ ਸਮਾਰੋਹ ਵੀ ਆਯੋਜਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੱਤਾ।