ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ

Politics Punjab

 ਚੰਡੀਗੜ੍ਹ, 14 ਨਵੰਬਰ:

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ।  ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ ਚੱਲ ਰਹੇ ਵਿਭਿੰਨ ਵਿਕਾਸ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ ਅਤੇ ਇਨ੍ਹਾਂ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਮਿਉਂਸਪਲ ਭਵਨ ਵਿਖੇ ਵਿਭਿੰਨ ਮਹੱਤਵਪੂਰਨ ਮੁੱਦਿਆਂ ਸਬੰਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਮੰਤਰੀ ਨੇ ਕਮਿਸ਼ਨਰ ਨਗਰ ਨਿਗਮ ਫਗਵਾੜਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਿਰੋਜ਼ਪੁਰ, ਮੋਗਾ, ਕਪੂਰਥਲਾ, ਨਵਾਂ ਸ਼ਹਿਰ ਅਤੇ ਕਾਰਜ ਸਾਧਕ ਅਫਸਰ ਨਗਰ ਕੌਸਲਾਂ/ਨਗਰ ਪੰਚਾਇਤਾਂ ਮੱਖੂ, ਮੱਲਾਵਾਲਾ ਖਾਸ, ਬਾਘਾ ਪੁਰਾਣਾ, ਧਰਮਕੋਟ, ਫਤਿਹਗੜ੍ਹ ਪੰਜਤੂਰ, ਨਡਾਲਾ, ਢਿੱਲਵਾ, ਬੇਗੋਵਾਲ ,ਭੁਲੱਥ, ਬਲਾਚੋਰ ਦੇ  ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਡਾ. ਰਵਜੋਤ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਲਈ ਸਾਫ਼-ਸਫ਼ਾਈ ਅਤੇ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਰਕਾਰ ਦਾ ਮੁੱਢਲਾ ਉਦੇਸ਼ ਹੈ।  ਉਨ੍ਹਾਂ ਅਧਿਕਾਰੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਉਚੇਚੇ ਕਦਮ ਚੁੱਕਣ ਦੇ ਆਦੇਸ਼ ਵੀ ਦਿੱਤੇ।

ਕੈਬਨਿਟ ਮੰਤਰੀ ਨੇ ਵੱਖ-ਵੱਖ ਸਕੀਮਾਂ ਅਧੀਨ ਵੱਖ-ਵੱਖ ਪ੍ਰੋਜੈਕਟਾਂ ਬਾਰੇ ਅਧਿਕਾਰੀਆਂ ਤੋਂ ਰਿਪੋਰਟਾਂ ਦੀ ਸਮੀਖਿਆ ਕੀਤੀ ਅਤੇ ਸਾਰੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਉੱਚ ਪੱਧਰੀ ਮਿਆਰਾਂ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ।

ਕੈਬਨਿਟ ਮੰਤਰੀ ਨੇ ਸ਼ਹਿਰੀ ਖੇਤਰਾਂ ਵਿੱਚ ਸਫਾਈ ਨੂੰ ਪਹਿਲ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।  ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਸ਼ਹਿਰੀ ਖੇਤਰ ਵਿੱਚ ਕੂੜੇ ਦੇ ਢੇਰ ਨਜ਼ਰ ਨਹੀਂ ਆਉਣੇ ਚਾਹੀਦੇ ਅਤੇ ਘਰ-ਘਰ ਜਾ ਕੇ ਇਕੱਠੇ ਕੀਤੇ ਕੂੜੇ ਨੂੰ ਵਿਗਿਆਨਕ ਢੰਗ ਨਾਲ ਨਿਪਟਾਉਣ ਦੀ ਹਦਾਇਤ ਕੀਤੀ।  ਇਸ ਤੋਂ ਇਲਾਵਾ, ਉਨ੍ਹਾਂ ਨੇ ਹਦਾਇਤ ਕੀਤੀ ਕਿ ਸੀਵਰੇਜ ਸਿਸਟਮ ਨੂੰ ਸੈਕਸ਼ਨ ਮਸ਼ੀਨਾਂ ਨਾਲ ਨਿਯਮਤ ਤੌਰ ‘ਤੇ ਸਾਫ਼ ਕੀਤਾ ਜਾਵੇ ਤਾਂ ਜੋ ਸੀਵਰੇਜ ਦਾ ਪਾਣੀ ਸੜਕਾਂ ਅਤੇ ਗਲੀਆਂ ਵਿੱਚ ਓਵਰਫਲੋ ਹੋਣ ਤੋਂ ਰੋਕਿਆ ਜਾ ਸਕੇ।

 ਡਾ. ਰਵਜੋਤ ਸਿੰਘ ਨੇ ਸਾਰੇ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਥਾਂ ‘ਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੀਵਰੇਜ ਦੂਸ਼ਿਤ ਨਾ ਕਰੇ।

ਇਸ ਮੌਕੇ ਮੀਟਿੰਗ ਵਿੱਚ ਸਬੰਧਤ ਹਲਕਿਆਂ ਦੇ ਵਿਧਾਇਕਾਂ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ,  ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।
————