ਹੁਸ਼ਿਆਰਪੁਰ, 16 ਸਤੰਬਰ : ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਇਥੇ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰ ਅਤੇ ਬਾਜ਼ਾਰਾਂ ਨਾਲ ਸਬੰਧਤ ਮਾਮਲਿਆਂ ਅਤੇ ਸਮੱਸਿਆਵਾਂ ਦਾ ਫੌਰੀ ਨਿਪਟਾਰਾ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਅਤੇ ਰਾਜ ਸਰਕਾਰ ਵਲੋਂ ਬਾਜ਼ਾਰਾਂ ਦੀ ਦਿੱਖ ਸੰਵਾਰਨ ਦੇ ਨਾਲ-ਨਾਲ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ 40 ਕਰੋੜ ਰੁਪਏ ਤੋਂ ਵੱਧ ਦੇ ਫੰਡ ਮਨਜ਼ੂਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ ਹਰੇਕ ਜ਼ਿਲ੍ਹੇ ਲਈ 2-2 ਕਰੋੜ ਰੁਪਏ ਖਰਚੇ ਜਾਣਗੇ।
ਚੇਅਰਮੈਨ ਅਨਿਲ ਠਾਕੁਰ ਨੇ ਦੱਸਿਆ ਕਿ ਰਾਜ ਵਿਚ ਪਿਛਲੇ ਕਈ ਮਹੀਨਿਆਂ ਤੋਂ ਕਮਿਸ਼ਨ ਵਲੋਂ ਵਪਾਰੀਆਂ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਿਹਾ ਜਿਸ ਵਿਚ ਵਪਾਰੀਆਂ ਵਲੋਂ 7 ਹਜ਼ਾਰ ਦੇ ਕਰੀਬ ਸ਼ਿਕਾਇਤਾਂ ਅਤੇ ਮਾਮਲੇ ਰੱਖੇ ਗਏ ਜਿਨ੍ਹਾਂ ਵਿਚੋਂ 6 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦਾ ਢੁੱਕਵਾਂ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਰਹਿੰਦੇ ਮਾਮਲਿਆਂ ’ਤੇ ਵੀ ਜੰਗੀ ਪੱਧਰ ’ਤੇ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਵਪਾਰੀਆਂ ਵਿਚਾਲੇ ਪੁੱਲ ਦਾ ਕੰਮ ਕਰਦਿਆਂ ਟਰੇਡਰਜ਼ ਕਮਿਸ਼ਨ ਨੇ ਵਪਾਰ, ਵਪਾਰੀਆਂ ਦੇ ਮਸਲਿਆਂ ਦੀ ਸੁਣਵਾਈ ਤੋਂ ਇਲਾਵਾ ਬਾਜ਼ਾਰਾਂ ਵਿਚ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਜ਼ਿਲ੍ਹੇ ਨੂੰ ਦਿੱਤੇ ਜਾ ਰਹੇ 2-2 ਕਰੋੜ ਰੁਪਏ ਕਮਿਸ਼ਨ ਦੀਆਂ ਜ਼ਿਲ੍ਹਾ ਕਮੇਟੀਆਂ ਦੀਆਂ ਸਿਫਾਰਸ਼ਾਂ ਅਨੁਸਾਰ ਬਾਜ਼ਾਰਾਂ ਵਿਚ ਡਿਪਟੀ ਕਮਿਸ਼ਨਰਾਂ ਰਾਹੀਂ ਖਰਚੇ ਜਾਣਗੇ ਤਾਂ ਜੋ ਬਾਜ਼ਾਰਾਂ ਵਿਚ ਲੋਕਾਂ ਅਤੇ ਵਪਾਰੀਆਂ ਦੀ ਸਹੂਲਤ ਅਨੁਸਾਰ ਲੋੜੀਂਦੇ ਕੰਮ ਹੋ ਸਕਣ।
ਇਸ ਤੋਂ ਪਹਿਲਾਂ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਦ੍ਰਿਪਨ ਸੈਣੀ , ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਵਪਾਰੀਆਂ ਦੇ ਮਾਮਲਿਆਂ ਨੂੰ ਤਰਜ਼ੀਹ ਦੇ ਆਧਾਰ ’ਤੇ ਸਮਾਂਬੱਧ ਢੰਗ ਨਾਲ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਵਿਚ ਮੁੱਢਲੀਆਂ ਸਹੂਲਤਾਂ ਦੇ ਚੱਲ ਰਹੇ ਕਾਰਜਾਂ ਦੀ ਰੈਗੂਲਰ ਸਮੀਖਿਆ ਕਰਦਿਆਂ ਕੰਮਾਂ ਦੇ ਮਿਆਰ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਵਪਾਰੀਆਂ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਟਰੇਡ ਕਮਿਸ਼ਨ’ ਦਾ ਗਠਨ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਪਰਾਲੇ ਸਦਕਾ ਪਿਛਲੇ 7 ਦਹਾਕਿਆਂ ਉਪਰੰਤ ਮੌਜੂਦਾ ਸਰਕਾਰ ਸਮੇਂ ਵਪਾਰੀਆਂ ਦੇ ਮਾਮਲਿਆਂ ਦੇ ਢੁੱਕਵੇਂ ਨਿਪਟਾਰਿਆਂ ਲਈ ਏਨੇ ਵੱਡੇ ਪੱਧਰ ’ਤੇ ਕਦਮ ਚੁੱਕੇ ਗਏ ਹਨ ਅਤੇ ਬਾਜ਼ਾਰਾਂ ਵਿਚਲੇ ਲੰਬੇ ਸਮੇਂ ਤੋਂ ਪੈਂਡਿੰਗ ਚੱਲੇ ਆ ਰਹੇ ਮਾਮਲਿਆਂ ਦਾ ਜਲਦੀ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਸੁਮਿਤ ਮੁਧ, ਸਮੂਹ ਐਸ.ਡੀ.ਐਮਜ਼, ਟਰੇਡਰਜ਼ ਕਮਿਸ਼ਨ ਦੇ ਨੁਮਾਇੰਦੇ ਅਤੇ ਵਪਾਰ ਮੰਡਲ ਦੇ ਅਹੁਦੇਦਾਰ ਵੀ ਮੌਜੂਦ ਸਨ।
