ਸਰਦੂਲਗੜ੍ਹ/ਮਾਨਸਾ, 23 ਸਤੰਬਰ:
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਜਿਸ ਦੇ ਲਈ ਲੋਕਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਜਟਾਣਾ ਕਲਾਂ, ਝੰਡਾ ਕਲਾਂ, ਝੰਡਾ ਖੁਰਦ ਅਤੇ ਮੋਫ਼ਰ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 28 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 100 ਕਿਸਮ ਦੀਆਂ ਮੁਫ਼ਤ ਦਵਾਈਆਂ ਅਤੇ 41 ਪ੍ਰਕਾਰ ਦੇ ਟੈਸਟਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਆਮ ਆਦਮੀ ਕਲੀਨਿਕਾਂ ਵਿਚ ਮੈਡੀਕਲ ਅਫ਼ਸਰ ਸਮੇਤ ਹੋਰ ਲੋੜੀਂਦਾ ਸਟਾਫ ਤੈਨਾਤ ਕਰ ਦਿੱਤਾ ਗਿਆ ਹੈ, ਜੋ ਕਿ ਇਥੇ ਹੀ ਸੇਵਾਵਾਂ ਪ੍ਰਦਾਨ ਕਰੇਗਾ।
ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਆਮ ਆਦਮੀ ਕਲੀਨਿਕਾਂ ’ਚ ਮਿਲਣ ਵਾਲੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ।
ਇਸ ਮੌਕੇ ਐਸ.ਐਮ.ਓ. ਵੇਦ ਪ੍ਰਕਾਸ਼ ਸੰਧੂ, ਡਾ. ਕਮਲਦੀਪ ਕੌਰ ਧਾਲੀਵਾਲ ਜਟਾਣਾ ਕਲਾਂ, ਡਾ. ਅੰਕੁਸ਼ ਜਿੰਦਲ ਝੰਡਾ ਖੁਰਦ, ਡਾ. ਨੂਰਜੀਤ ਕੌਰ ਮੋਫ਼ਰ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।