ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

Crime Politics Punjab


ਚੰਡੀਗੜ੍ਹ, 8 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਲਈ ਜਾਰੀ ਜੰਗ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਸਰਗਰਮ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .32 ਕੈਲੀਬਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸ਼ਨਦੀਪ ਸਿੰਘ ਉਰਫ਼ ਜਸ਼ਨ ਸੰਧੂ ਵਾਸੀ ਪਿੰਡ 25 ਮਲ, ਜ਼ਿਲ੍ਹਾ ਸ੍ਰੀ ਗੰਗਾਨਗਰ, ਰਾਜਸਥਾਨ ਅਤੇ ਗੁਰਸੇਵਕ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਜਸ਼ਨ ਸੰਧੂ ਰਾਜਸਥਾਨ ਦੇ ਗੰਗਾਨਗਰ ਵਿੱਚ ਸਾਲ 2023 ਦੇ ਕਤਲ ਕੇਸ ਵਿੱਚ ਲੋੜੀਂਦਾ ਸੀ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਜਾਰਜੀਆ, ਅਜ਼ਰਬਾਈਜਾਨ, ਸਾਊਦੀ ਅਰਬ ਅਤੇ ਦੁਬਈ ਵਿੱਚ ਲਗਾਤਾਰ ਠਿਕਾਣੇ ਬਦਲ ਰਿਹਾ ਸੀ।  ਉਹਨਾਂ ਅੱਗੇ ਦੱਸਿਆ ਕਿ ਹਾਲ ਹੀ ਵਿੱਚ, ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਦੋਸ਼ੀ ਜਸ਼ਨ ਦੁਬਈ ਤੋਂ ਨੇਪਾਲ ਪਹੁੰਚਿਆ ਅਤੇ ਕਾਨੂੰਨ ਤੋਂ ਬਚਣ ਲਈ ਸੜਕ ਰਾਹੀਂ ਭਾਰਤ ਵਿੱਚ ਦਾਖਲ ਹੋਇਆ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਜਸ਼ਨ ਨੇ ਗਿਰੋਹ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਸੀ। ਉਸ ਤੋਂ ਪੁੱਛਗਿੱਛ ਉਪਰੰਤ ਵਿਦੇਸ਼ੀ ਹਵਾਲਾ ਆਪਰੇਟਰਾਂ, ਟ੍ਰੈਵਲ ਏਜੰਟਾਂ ਅਤੇ ਵਿਦੇਸ਼ਾਂ ਵਿੱਚ ਲੁਕੇ ਭਗੌੜੇ ਗੈਂਗਸਟਰਾਂ ਦੇ ਟਿਕਾਣਿਆਂ ਬਾਰੇ ਜਾਣਕਾਰੀ ਮਿਲੀ ਹੈ, ਜੋ ਕਿ ਇਹਨਾਂ ਨੈੱਟਵਰਕਾਂ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐਡੀਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਜਸ਼ਨ ਦੇ ਨੇਪਾਲ ਵਿੱਚ ਪਹੁੰਚਣ ਤੋਂ ਬਾਅਦ ਸੜਕ ਰਾਹੀਂ ਭਾਰਤ ਵਿੱਚ ਦਾਖਲ ਹੋਣ ਬਾਰੇ ਮਿਲੀ ਖਾਸ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਆਈਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਵਿਸ਼ੇਸ਼ ਆਪ੍ਰੇਸ਼ਨ ਟੀਮਾਂ ਨੇ ਜਸ਼ਨ ਨੂੰ ਉਸਦੇ ਸਾਥੀ ਗੁਰਸੇਵਕ ਸਮੇਤ ਸਫਲਤਾਪੂਰਵਕ ਟਰੇਸ ਕਰਕੇ ਉਨ੍ਹਾਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .32 ਕੈਲੀਬਰ ਪਿਸਤੌਲ ਅਤੇ ਸੱਤ ਕਾਰਤੂਸ ਬਰਾਮਦ ਕੀਤੇ ਹਨ।

ਏਆਈਜੀ ਗੁਰਮੀਤ ਚੌਹਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੁਰਸੇਵਕ ਆਪਣੇ ਸਾਥੀ ਜਸ਼ਨ ਰਾਹੀਂ ਲਾਰੈਂਸ ਗੈਂਗ ਦੇ ਮੈਂਬਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਨ੍ਹਾਂ ਵੱਲੋਂ ਸਥਾਨਕ ਤੌਰ ‘ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀਆਂ ਵੱਲੋਂ ਕੀਤੇ ਖੁਲਾਸਿਆਂ ਤੋਂ ਇਹ ਵੀ ਪਤਾ ਲੱਗਾ ਕਿ ਰੋਹਿਤ ਗੋਦਾਰਾ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਕੁਝ ਉੱਘੇ ਵਿਅਕਤੀਆਂ ਦੇ ਕਤਲ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਦੀ ਗ੍ਰਿਫ਼ਤਾਰੀ ਨਾਲ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿੱਚ ਮਹੱਤਵਪੂਰਨ ਸਫ਼ਲਤਾ ਮਿਲੀ ਹੈ।

ਏਆਈਜੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਸਏਐਸ ਨਗਰ ਥਾਣਾ ਸਟੇਟ ਕ੍ਰਾਈਮ ਪੰਜਾਬ ਵਿਖੇ ਅਸਲਾ ਐਕਟ ਦੀ ਧਾਰਾ 25 (6)(7) ਤਹਿਤ ਐਫਆਈਆਰ ਨੰਬਰ 02 ਮਿਤੀ 07/04/2025 ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *