ਆਰ.ਓ. 10-ਫ਼ਿਰੋਜ਼ਪੁਰ ਨੇ ਸ਼ਾਂਤਮਈ ਚੋਣਾਂ ਲਈ ਵੋਟਰਾਂ, ਪੋਲਿੰਗ ਸਟਾਫ਼, ਸੁਰੱਖਿਆ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਧੰਨਵਾਦ

Ferozepur

ਫ਼ਿਰੋਜ਼ਪੁਰ, 05 ਜੂਨ 2024:

ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਵਿਖੇ ਸ਼ਾਂਤਮਈ ਢੰਗ ਨਾਲ ਖ਼ਤਮ ਹੋਏ ਮਤਦਾਨ ਲਈ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ  ਫ਼ਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਸਮੂਹ 9 ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਸਮੇਤ, ਪੋਲਿੰਗ ਮੁਲਾਜ਼ਮਾਂ, ਸੁਰੱਖਿਆ ਅਮਲੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਹਰ ਉਸ ਵਰਕਰ ਦਾ ਧੰਨਵਾਦ ਕੀਤਾ ਹੈ, ਜਿਹਨਾਂ ਚੋਣਾਂ ਦੌਰਾਨ ਆਪਣੀ ਡਿਉਟੀ ਤਨਦੇਹੀ ਨਾਲ ਨਿਭਾਈ ਹੈ।   

ਰਿਟਰਨਿੰਗ ਅਫਸਰ ਨੇ ਲੋਕ ਸਭਾ ਹਲਕੇ ‘ਚ 9 ਵਿਧਾਨ ਸਭਾ ਹਲਕਿਆਂ ਅਬੋਹਰ, ਬੱਲੂਆਣਾ, ਫ਼ਾਜ਼ਿਲਕਾ, ਫਿਰੋਜ਼ਪੁਰ ਸ਼ਹਿਰੀ, ਫਿਰੋਜ਼ਪੁਰ ਦਿਹਾਤੀ, ਗੁਰੂਹਰਸਹਾਏ, ਜਲਾਲਾਬਾਦ, ਮਲੋਟ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਵੋਟਰਾਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਸਮੂਹ ਐਨ.ਜੀ.ਓਜ਼, ਯੁਵਕ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਤੇ ਵਲੰਟੀਅਰਜ਼ ਦਾ ਵੀ ਵੋਟਾਂ ਦੌਰਾਨ ਪੋਲਿੰਗ ਸਟੇਸ਼ਨਾਂ ’ਤੇ ਛਬੀਲ ਅਤੇ ਹੋਰ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਸਹਿਯੋਗ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਵਿਵਸਥਿਤ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਨੇ ਪੋਲਿੰਗ ਅਫਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ, ਜਿਸ ਕਾਰਨ ਸਮੁੱਚਾ ਚੋਣ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਸਿਰੇ ਚੜ੍ਹ ਸਕਿਆ।