ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਮੁਹਿੰਮ, 14 ਵਾਹਨਾਂ ਦੇ ਕੀਤੇ ਗਏ ਚਾਲਾਨ

Hoshiarpur Politics Punjab

ਹੁਸ਼ਿਆਰਪੁਰ, 4 ਜਨਵਰੀ: ਰਾਸ਼ਟਰੀ ਸੁਰੱਖਿਆ ਮਹੀਨਾ-2025 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ ਅਨੁਸਾਰ ਅੱਜ ਰੀਜ਼ਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਮੁਹਿੰਮ ਚਲਾਈ ਗਈ। ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 14 ਚਾਲਾਨ ਕੀਤੇ ਗਏ।

          ਮੁਹਿੰਮ ਦੌਰਾਨ ਵਿਸ਼ੇਸ਼ ਰੂਪ ਵਿਚ ਟਰੈਕਟਰ-ਟਰਾਲੀਆਂ, ਟਰੱਕਾਂ ਅਤੇ ਹੋਰ ਭਾਰੀ ਵਾਹਨਾਂ ਪਿੱਛੇ ਰਿਫਲੈਕਟਰ ਟੇਪ ਲਗਾਈ ਗਈ। ਵਾਹਨ ਚਾਲਕਾਂ ਨੂੰ ਵਿਸ਼ੇਸ਼ ਕਰਕੇ ਧੁੰਦ ਵਾਲੇ ਮੌਸਮ ਵਿਚ ਹੋਲੀ ਗਤੀ ਨਾਲ ਵਾਹਨ ਚਲਾਉਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ। ਨਾਲ ਹੀ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਰੂਰੀ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।

          ਰੀਜਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸਾਡਾ ਉਦੇਸ਼ ਸੜਕ ’ਤੇ ਸੁਰੱਖਿਆ ਦੇ ਮਹੱਤਵ ਨੂੰ ਕੇਂਦਰਿਤ ਕਰਨਾ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਹੈ। ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕੇਵਲ ਚਾਲਕਾਂ ਦੀ ਸੁਰੱਖਿਆ ਯਕੀਨੀ ਬਣਾਉਂਦਾ ਹੈ ਬਲਕਿ ਹੋਰ ਰਾਹੀਗਰਾਂ ਦੀ ਜਾਨ-ਮਾਲ ਦੀ ਸੁਰੱਖਿਆ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਮੁਹਿੰਮ ਦੌਰਾਨ ਡਰਾਈਵਰਾਂ ਨੂੰ ਸਮਝਾਇਆ ਗਿਆ ਕਿ ਧੁੰਦ ਦੇ ਮੌਸਮ ਵਿਚ ਵਾਹਨ ਚਲਾਉਂਦੇ ਸਮੇਂ ਵਿਸ਼ੇਸ਼  ਸਾਵਧਾਨੀ ਵਰਤਣ ਅਤੇ ਯਕੀਨੀ ਬਣਾਉਣ ਕਿ ਵਾਹਨਾਂ ਦੀਆਂ ਲਾਈਟਾਂ ਅਤੇ ਰਿਫਲੈਕਟਰ ਸਹੀ ਢੰਗ ਨਾਲ ਕੰਮ ਕਰ ਰਹੇ ਹੋਣ। ਦੁਰਘਟਨਾਵਾਂ ਨੂੰ ਰੋਕਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਾਉਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।

          ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਸੜਕ ’ਤੇ ਚੱਲਣ ਸਮੇਂ ਸਾਵਧਾਨ ਰਹਿਣ ਅਤੇ ਆਵਾਜਾਈ ਨਿਯਮਾਂ ਦੀ ਸਖਤੀ ਨਾਲ ਪਾਲਣ ਕਰਨ। ਇਹ ਮੁਹਿੰਮ ਜ਼ਿਲ੍ਹੇ ਵਿਚ ਸੜਕ ਦੁਰਘਟਨਾਵਾਂ ਨੂੰ ਘੱਟ ਕਰਨ ਅਤੇ ਆਵਾਜਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਹੈ।

Leave a Reply

Your email address will not be published. Required fields are marked *