ਮਾਲੇਰਕੋਟਲਾ 05 ਅਪ੍ਰੈਲ :
ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਦੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਸ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੇਫ਼ ਸਕੂਲ ਵਾਹਨ ਸਕੀਮ ਤਹਿਤ ਬਣੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗ ਦੌਰਾਨ ਫਸਟ ਏਡ ਕਿੱਟਾਂ, ਲੇਡੀ ਅਟੈਂਡੈਂਟ, ਪਾਸਿੰਗ, ਸਪੀਡ ਗਵਰਨਰ, ਬੱਸਾਂ ਵਿੱਚ ਐਮਰਜੈਂਸੀ ਨਿਕਾਸ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਬੱਸ ਵਿੱਚ ਬੈਠਣ ਦੀ ਸਮਰੱਥਾ ਆਦਿ ਪੁਆਇੰਟਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ 05 ਸਕੂਲੀ ਬੱਸਾਂ ਦੇ ਚਲਾਟ ਕੱਟੇ ਗਏ ।
ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ ਸ਼ਹਿਨਾਜ ਪ੍ਰਵੀਨ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਸੇਫ਼ ਸਕੂਲ ਵਾਹਨ ਟਾਸਕ ਫੋਰਸ ਵੱਲੋਂ ਜ਼ਿਲ੍ਹੇ ਵਿੱਚ ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ।
ਟਾਸਕ ਫੋਰਸ ਵਲੋਂ ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਡਰਾਈਵਰਾਂ ਦਾ ਸਮੇਂ ਸਿਰ ਮੈਡੀਕਲ ਚੈਕਅੱਪ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਬੱਸਾਂ ਦੇ ਡਰਾਈਵਰ ਅਤੇ ਅਟੈਂਡੈਂਟ ਵਰਦੀ ਵਿੱਚ ਹੋਣ। ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਛੋਟੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਬੱਸਾਂ ਵਿੱਚ ਚੜ੍ਹਨ ਅਤੇ ਉਤਰਨ ਸਮੇਂ ਉਨ੍ਹਾਂ ਨੂੰ ਸਹੀ ਢੰਗ ਨਾਲ ਸੜਕ ਪਾਰ ਕਰਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਸਕੂਲੀ ਬੱਸਾਂ ਵਿੱਚ ਪਾਈਆਂ ਗਈਆਂ ਕਮੀਆਂ ਨੂੰ ਤੁਰੰਤ ਠੀਕ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ,ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸੀ,ਗੈਰ ਸਰਕਾਰੀ ਮੈਂਬਰ ਟਾਸਕ ਫੋਰਸ ਗੁਰਜੰਟ ਸਿੰਘ,ਟਰੈਫਿਕ ਇੰਚਾਰਜ ਗੁਰਮੁੱਖ ਸਿੰਘ ਤੋਂ ਇਲਾਵਾ ਹੋਰ ਟਾਸਕ ਫੋਰਸ ਦੇ ਮੈਂਬਰ ਸ਼ਾਮਲ ਸਨ ।