12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ – ਧੀਮਾਨ

Ferozepur Politics Punjab

ਫ਼ਿਰੋਜ਼ਪੁਰ, 22 ਅਗਸਤ 2024.

             ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ 12 ਸਤੰਬਰ 2024  ਨੂੰ ਮਨਾਏ ਜਾਣ ਵਾਲੇ ਸਾਰਾਗੜ੍ਹੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਫੌਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹੀਦ ਸੈਨਿਕ ਦੀ ਯਾਦ ਵਿੱਚ ਬਣਾਈ ਜਾ ਰਹੀ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 12 ਸਤੰਬਰ ਨੂੰ ਉਦਘਾਟਨ ਕਰਨਗੇ ਅਤੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ।

            ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਦੌਰਾਨ ਜੰਗੀ ਯਾਦਗਾਰ ਦਾ ਦੌਰਾ ਕਰਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰਾਗੜ੍ਹੀ ਦਿਵਸ ਤੋਂ ਪਹਿਲਾਂ-ਪਹਿਲਾਂ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇ।

            ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ, ਸਾਫ-ਸਫਾਈ, ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਸਫੇਦੀ, ਪੇਂਟ ਤੇ ਮੁਰੰਮਤ, ਪਾਣੀ ਦਾ ਛਿੜਕਾਅ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਲੰਗਰ ਦਾ ਪ੍ਰਬੰਧ, ਟ੍ਰੈਫਿਕ ਕੰਟਰੋਲ ਅਤੇ ਬਿਜਲੀ ਸਪਲਾਈ ਆਦਿ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ।

          ਇਸ ਮੌਕੇ ਬ੍ਰਿਗੇਡੀਅਰ ਸ੍ਰੀ ਬਿੱਕਰਮ ਸਿੰਘ ਡਿਪਟੀ ਜੀ.ਓ.ਸੀ., ਕਰਨਲ ਏ.ਐੱਸ. ਅੰਤਲ, ਐਸ.ਈ. ਲੋਕ ਨਿਮਰਾਣ ਵਿਭਾਗ ਸ੍ਰੀ ਸ਼ੁਰੇਸ਼ ਕੁਮਾਰ, ਸ੍ਰੀ ਇੰਦਰਜੀਤ ਸਿੰਘ, ਐੱਸ.ਡੀ.ਈ. ਸਿਮਰਨ ਕੌਰ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਸੈਨਿਕ ਭਲਾਈ ਦਫਤਰ ਤੋਂ ਸ੍ਰੀ ਅਮਰੀਕ ਸਿੰਘ ਤੋਂ ਇਲਾਵਾ ਫੌਜ ਦੇ ਅਧਿਕਾਰੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।