ਸ੍ਰੀ ਮੁਕਤਸਰ ਸਾਹਿਬ 02 ਦਸੰਬਰ
ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 03 ਦਸੰਬਰ 2024 ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡਿਅਮ, ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਤਿਆਰੀਆਂ ਦੇ ਪ੍ਰਬੰਧਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੋਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਦੇ ਅੰਦਰ-ਬਾਹਰ ਸਾਫ-ਸਫਾਈ ਦਾ ਪ੍ਰਬੰਧ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਚਾਲੂ ਰੱਖਣੀ ਯਕੀਨੀ ਬਣਾਈ ਜਾਵੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਡੀ.ਪੀ.ਓ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ।
ਇਸ ਮੌਕੇ ਐਸ.ਐਸ.ਪੀ ਸ੍ਰੀ ਤੁਸ਼ਾਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜਰਨਲ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਦਰਸ਼ਨ ਲਾਲ ਕੁੰਡਲ, ਐਸਡੀਐਮ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਅਤੇ ਸਮੂਹ ਬੀ.ਡੀ.ਪੀ.ਓ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਹਨਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।