ਬਠਿੰਡਾ, 18 ਮਾਰਚ : ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੱਖ–ਵੱਖ ਰਾਜਨੀਤਿਕ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਚੋਣਾਂ ਨੂੰ ਬਿਨਾਂ ਕਿਸੇ ਡਰ ਭੈਅ, ਨਿਰਪੱਖ ਅਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੱਖ–ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ–ਨਿਰਦੇਸ਼ਾਂ ਅਨੁਸਾਰ ਬਿਨਾਂ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀਆਂ ਚੋਣ ਗਤੀਵਿਧੀਆਂ ‘ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ/ਕਾਲਜਾਂ ਤੇ ਧਾਰਮਿਕ ਸਥਾਨਾਂ ਨੂੰ ਸਿਆਸੀ ਮੀਟਿੰਗਾਂ ਕਰਨ ਲਈ ਨਾ ਵਰਤਿਆ ਜਾਵੇ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਸਕੂਲੀ ਬੱਚਿਆਂ ਜਾਂ ਆਮ ਬੱਚਿਆਂ ਤੋਂ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਜਾਂ ਪ੍ਰਯੋਗ ਨਾ ਲਿਆ ਜਾਵੇ। ਉਨ੍ਹਾਂ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਸਾਂਤੀਪੂਰਨ ਢੰਗ ਨਾਲ ਪ੍ਰਚਾਰ ਕੀਤਾ ਜਾਵੇ ਅਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 18ਵੀਂ ਲੋਕ ਸਭਾ ਮੈਬਰਾਂ ਦੀ ਚੋਣ ਲਈ 1 ਜੂਨ 2024 ਨੂੰ ਵੋਟਾਂ ਪੈਣਗੀਆਂ ਅਤੇ ਗਿਣਤੀ 4 ਜੂਨ 2024 ਨੂੰ ਹੋਵੇਗੀ। ਜਦਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਸਵੇਰੇ 11 ਤੋਂ 3 ਵਜੇ ਤੱਕ ਦਫ਼ਤਰ ਡਿਪਟੀ ਕਮਿਸ਼ਨਰ (ਅਦਾਲਤੀ ਕਮਰੇ) ਚ ਦਫ਼ਤਰੀ ਕੰਮ–ਕਾਜ ਵਾਲੇ ਦਿਨਾਂ ਦੌਰਾਨ ਹੀ ਦਾਖਲ ਕੀਤੇ ਜਾ ਸਕਣਗੇ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਭਰੇ ਗਏ ਕਾਗਜਾਂ ਦੀ ਵਾਪਸੀ 17 ਮਈ ਤੱਕ ਹੋ ਸਕੇਗੀ।ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਪੰਜਾਬ ਰਾਜ ਵਿੱਚ 01 ਜੂਨ 2024 ਨੂੰ 18ਵੀਂ ਲੋਕ ਸਭਾ ਮੈਬਰਾਂ ਦੀ ਚੋਣ ਲਈ ਹੋਣ ਵਾਲੀਆਂ ਵੋਟਾਂ ਚ ਮਤਦਾਨ ਕਰਕੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਨ। ਉਨ੍ਹਾਂ ਵਿਸ਼ੇਸ ਤੌਰ ’ਤੇ ਨੌਜਵਾਨ ਵੋਟਰਾਂ ਅਤੇ ਪਹਿਲੀ ਵਾਰ ਰਜਿਸਟਰ ਹੋਏ ਵੋਟਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਲੋਕ ਸਭਾ ਚੋਣਾਂ-2024 ਦੌਰਾਨ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋ ਕਰਨ।ਇਸ ਤੋਂ ਪਹਿਲਾਂ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਅਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਚੋਣ ਪ੍ਰਕਿਰਿਆ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਪ੍ਰਵਾਨਗੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਸਹਾਇਕ ਟ੍ਰੇਨਿੰਗ ਇੰਚਾਰਜ ਸ. ਗੁਰਦੀਪ ਸਿੰਘ ਮਾਨ ਨੇ ਵੀ ਆਦਰਸ਼ ਚੋਣ ਜਾਬਤੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਲਤੀਫ਼ ਅਹਿਮਦ, ਨੋਡਲ ਅਫ਼ਸਰ ਖਰਚਾ ਅਫ਼ਸਰ ਡਾ. ਮਨਦੀਪ ਕੌਰ, ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।