ਮਲੋਟ, 22 ਫਰਵਰੀ:
ਭਾਰਤੀ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਐਸ.ਡੀ.ਐਮ., ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ੇ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਮਲੋਟ ਵਿਖੇ ਇਹ ਵੋਟਰ ਜਾਗਰੂਕਤਾ ਵੈਨ ‘ਚੋਣਾਂ ਦਾ ਪਰਵ ਦੇਸ਼ ਦਾ ਗਰਵ’ ਅਧੀਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵੋਟਰਾਂ ਨੂੰ ਜਾਗਰੂਕ ਕਰੇਗੀ।
ਉਨ੍ਹਾਂ ਦੱਸਿਆ ਕਿ ਇਹ ਵੋਟਰ ਜਾਗਰੂਕਤਾ ਵੈਨ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਆਡੀਓ-ਵੀਡੀਓ ਰਾਹੀਂ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰੇਗੀ ਅਤੇ ਇਸ ਦਾ ਮੁੱਖ ਉਦੇਸ਼ ਖਾਸ ਕਰਕੇ ਨੌਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕੀਤਾ ਜਾ ਸਕੇ।