ਮਾਨਸਾ, 15 ਜਨਵਰੀ :
ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਜ਼ਿਲ੍ਹੇ ’ਚ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਖੇ ਲਗਾਏ ਦੂਜੇ ਵਿਸ਼ੇਸ਼ ਕੈਂਪ ਦੌਰਾਨ 636 ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਤੋਂ ਪਹਿਲਾਂ ਲਗਾਏ ਕੈਂਪ ਦੌਰਾਨ 646 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਜ਼ਿਲ੍ਹੇ ਦੇ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ ਅਤੇ ਲੋਕਾਂ ਵੱਲੋਂ ਰਾਜ ਸਰਕਾਰ ਦੇ ਇਸ ਫੈਸਲੇ ਦੀ ਖ਼ੂਬ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਭਵਿੱਖ ਅੰਦਰ ਵੀ ਅਜਿਹੇ ਕੈਂਪ ਲਗਾ ਕੇ ਲੋਕ ਮੁਸ਼ਕਿਲਾਂ ਦੇ ਨਿਪਟਾਰੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਇੰਤਕਾਲਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਮਾਨਸਾ ਵਿਖੇ 172 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਤਹਿਸੀਲ ਸਰਦੂਲਗੜ੍ਹ ਵਿਖੇ 73, ਤਹਿਸੀਲ ਬੁਢਲਾਡਾ ਵਿਖੇ 104, ਸਬ ਤਹਿਸੀਲ ਭੀਖੀ ਵਿਖੇ 105, ਸਬ ਤਹਿਸੀਲ ਜੋਗਾ ਵਿਖੇ 78, ਸਬ ਤਹਿਸੀਲ ਝੁਨੀਰ 61 ਅਤੇ ਸਬ ਤਹਿਸੀਲ ਬਰੇਟਾ ਵਿਖੇ 43 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹੇ ’ਚ ਤਹਿਸੀਲ ਅਤੇ ਸਬ-ਤਹਿਸੀਲ ਪੱਧਰ ’ਤੇ ਲਗਾਏ ਦੂਜੇ ਵਿਸ਼ੇਸ਼ ਕੈਂਪ ਦੌਰਾਨ 636 ਲੰਬਿਤ ਇੰਤਕਾਲਾਂ ਦਾ ਨਿਪਟਾਰਾ-ਡਿਪਟੀ ਕਮਿਸ਼ਨਰ


