ਚੰਡੀਗੜ੍ਹ, 10 ਫਰਵਰੀ:
ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਜਲੰਧਰ ਦੀ ਛੋਟੀ ਬਰਾਦਰੀ ਨਜਦੀਕ ਸਥਿਤ ਕੈਂਬਰਿਜ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ। ਜਿਸ ‘ਤੇ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਬਰਿਜ ਸਕੂਲ, ਜਲੰਧਰ ਨੂੰ ਇਸ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਯਤਨਸ਼ੀਲ ਹੈ ਅਤੇ ਕਿਸੇ ਵੱਲੋਂ ਵੀ ਪੰਜਾਬੀ ਭਾਸ਼ਾ ਦਾ ਕੀਤਾ ਜਾਣ ਵਾਲਾ ਅਨਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਕਾਨੂੰਨੀ ਅਤੇ ਵਿਧਾਨਕ ਕਾਰ ਵਿਹਾਰ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਤੇ ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦੇ ਪੰਜਾਬ ਐਕਟ-2008 ਅਨੁਸਾਰ ਸੂਬੇ ਦੇ ਹਰ ਸਕੂਲ ਲਈ ਪੰਜਾਬੀ ਵਿਸ਼ੇ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਜਰੂਰੀ ਕੀਤਾ ਗਿਆ ਹੈ ਪਰ ਸੂਬੇ ਦੇ ਕੁਝ ਨਿੱਜੀ ਸਕੂਲਾਂ ਵੱਲੋਂ ਇਸ ਐਕਟ ਦੀ ਉਲੰਘਣਾ ਕੀਤੇ ਜਾਣ ਦੀ ਅਕਸਰ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ।
ਉਨ੍ਹਾਂ ਪੰਜਾਬ ਰਾਜ ਦੇ ਸਮੂਹ ਨਿੱਜੀ ਸਕੂਲਾਂ ਨੂੰ ਅਪੀਲ ਕੀਤੀ ਕਿ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿੱਜੀ ਸਕੂਲਾਂ ਦੀ ਚੈਂਕਿੰਗ ਕਰਕੇ ਉਨ੍ਹਾਂ ਸਕੂਲਾਂ ਦੀ ਪਹਿਚਾਣ ਕੀਤੀ ਜਾਵੇ ਜਿਹਨਾਂ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ।