ਕੋਟਕਪੂਰਾ, 15 ਨਵੰਬਰ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਗਿਆਨੀ ਜ਼ੈਲ ਸਿੰਘ ਮਾਰਕਿਟ ਕੋਟਕਪੂਰਾ ਵਿਖੇ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਤਹਿਤ ਸ਼ਾਸਤਰੀ ਮਾਰਕਿਟ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਮਾਰਕਿਟ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਵਿਸ਼ਵਾਸ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਸਿਆਸਤ ਨੂੰ ਸੱਤਾ ਦਾ ਸਾਧਨ ਨਹੀਂ, ਸਗੋਂ ਲੋਕ ਸੇਵਾ ਦਾ ਮਾਧਿਅਮ ਮੰਨਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੋਟਕਪੂਰਾ ਨਾਲ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਬਲਕਿ ਪਰਿਵਾਰਕ ਅਤੇ ਸੇਵਾ ਭਾਵਨਾ ਵਾਲਾ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਨਾ ਅਤੇ ਸਰਕਾਰੀ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲ ਹੈ।
ਉਹਨਾਂ ਕਿਹਾ ਕਿ ਉਹ ਵਿਕਾਸ ਕਾਰਜਾਂ ਵਿੱਚ ਸਿਰਫ਼ ਆਰਜ਼ੀ ਹੱਲ ਕਰਨ ਦੀ ਬਜਾਏ ਪੱਕੇ ਅਤੇ ਟਿਕਾਊ ਹੱਲ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਆਪਣੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਪੂਰੀ ਇਮਾਨਦਾਰੀ ਨਾਲ ਯਤਨਸ਼ੀਲ ਹਨ।
ਉਨ੍ਹਾਂ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਮਾਰਕਿਟ ਅਤੇ ਸ਼ਹਿਰ ਦੇ ਵਿਕਾਸ ਨਾਲ ਸਬੰਧਤ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
ਇਸ ਮੌਕੇ ਟਰੇਡ ਕਮਿਸ਼ਨ ਦੇ ਚੇਅਰਮੈਨ ਨਰੇਸ਼ ਸਿੰਗਲਾ, ਗਿਆਨੀ ਜ਼ੈਲ ਸਿੰਘ ਮਾਰਕਿਟ ਦੇ ਪ੍ਰਧਾਨ ਬਸੰਤ ਕੁਮਾਰ, ਅਗਰਵਾਲ ਸਭਾ ਦੇ ਚੇਅਰਮੈਨ ਸੱਤਦੀਪ ਗੋਇਲ, ਸਰਪੰਚ ਸੀਪਾ, ਦਰਸ਼ਨ ਸਿੰਗਲਾ ਤੋਂ ਇਲਾਵਾ ਸੁਖਪਾਲ ਸਿੰਘ, ਜਸਵੀਰ ਸਿੰਘ, ਮੋਹਨ ਲਾਲ, ਰਾਕੇਸ਼ ਕੁਮਾਰ, ਸਤੀਸ਼ ਕੁਮਾਰ, ਰਵੀ ਕੁਮਾਰ, ਯੁਵਰਾਜ ਸਿੰਘ, ਅਰਸ਼ਦੀਪ ਸਿੰਘ, ਤਰਸੇਮ ਸਿੰਘ ਅਤੇ ਗਿਆਨੀ ਜ਼ੈਲ ਸਿੰਘ ਮਾਰਕਿਟ ਦੇ ਸਮੂਹ ਦੁਕਾਨਦਾਰ ਹਾਜ਼ਰ ਸਨ।
