ਫ਼ਰੀਦਕੋਟ 18 ਫ਼ਰਵਰੀ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਫਰੀਦਕੋਟ ਰੋਡ ਤੇ ਵਾਪਰੇ ਦਰਦਨਾਕ ਸੜਕ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਸੜਕ ਹਾਦਸੇ ਬਾਰੇ ਸੁਣਕੇ ਮਨ ਬੜਾ ਵਿਚਲਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਬੇਹੱਦ ਹਮਦਰਦੀ ਹੈ, ਉਹ ਜਖਮੀਆਂ ਦੇ ਬਿਹਤਰ ਇਲਾਜ਼ ਲਈ ਲਗਾਤਾਰ ਪ੍ਰਸਾਸ਼ਨ ਦੇ ਸੰਪਰਕ ਵਿੱਚ ਹਨ । ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਅਤੇ ਜ਼ਖਮੀਆਂ ਨੂੰ ਬਣਦੀ ਸਹਾਇਤਾ ਕੀਤੀ ਜਾਵੇਗੀ ।
ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਬੱਸਾਂ ਵਿੱਚ ਸਪੀਡ ਗਵਰਨਰ ਲਗਾਉਣ ਲਈ ਦਿਸ਼ਾ ਨਿਰਦੇਸ਼ਾ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਉਨ੍ਹਾ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਜਖਮੀਆਂ ਨੂੰ ਜਲਦੀ ਸਿਹਤਮੰਦ ਕਰਨ। ਉਨ੍ਹਾਂ ਕਿਹਾ ਕਿ ਜਖਮੀਆਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਪੂਰਾ ਡਾਕਟਰੀ ਅਮਲਾ ਤਨਦੇਹੀ ਨਾਲ ਕੰਮ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਰੋਜ਼ਾਨਾ ਆਉਣ ਜਾਣ ਵਾਲੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਦੇ ਨਾਲ ਨਾਲ ਕਦੇ ਨਾ ਪੁੱਜਣ ਨਾਲੋਂ ਦੇਰੀ ਭਲੀ ਦੀ ਕਹਾਵਤ ਅਨੁਸਾਰ ਸਫ਼ਰ ਦੌਰਾਨ ਕਦੇ ਵੀ ਜਲਦਬਾਜ਼ੀ ਨਾ ਕੀਤੀ ਜਾਵੇ।
ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ, ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਗੁਰਤੇਜ ਸਿੰਘ ਖੋਸਾ, ਜਗਸੀਰ ਸਿੰਘ ਸੰਧਵਾਂ, ਪਿੰਦਰ ਸਿੰਘ ਗਿੱਲ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਜੇਰੇ ਇਲਾਜ ਜਖਮੀਆਂ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ।