ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

Faridkot Politics Punjab

ਫਰੀਦਕੋਟ/ਕੋਟਕਪੂਰਾ, 4 ਨਵੰਬਰ ()-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਯੂਨੀਵਰਸਿਟੀ ਦੀ ਹਦਾਇਤਾਂ ਮੁਤਾਬਿਕ ਬਿਜਾਈ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਸਬੰਧੀ ਵੀਡੀਓ ਸੰਦੇਸ਼ ਜਾਰੀ ਕਰਕੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਇਲਾਕੇ ਸਮੇਤ ਪੰਜਾਬ ਭਰ ਦੇ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਕਰਨ ਦੀ ਅਪੀਲ ਕੀਤੀ ਹੈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਸਿਫਾਰਿਸ਼ ਦੇ ਮੁਤਾਬਿਕ ਹੀ ਖਾਦਾਂ ਦੀ ਵਰਤੋਂ ਤੇ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਖਾਦ ਦੀ ਉਪਲਬਧਾ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ। ਉਨ੍ਹਾਂ ਡੀ. ਏ. ਪੀ. ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ ਆਖਿਆ ਤੇ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਐੱਨ. ਪੀ. ਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜ਼ਮੀਨ ‘ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ। ਵੀਡਿਓ ਸੰਦੇਸ਼ ਰਾਹੀਂ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ, ਜੋ ਕਿ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਧੱਕੇ ਨਾਲ ਕੋਈ ਹੋਰ ਵਸਤੂ ਨਾ ਦੇਵੇ।

ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਕਣਕ ਦੀ ਕਾਸਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ।ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ।

ਉਨਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾਂ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ ।ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।

ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985,ਇੰਸੈਕਟੀਸਾਈਡ ਐਕਟ 1968, ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।