ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

Politics Punjab

ਚੰਡੀਗੜ੍ਹ, 14 ਨਵੰਬਰ-

ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਨੇ ਅੱਜ ਇਥੇ ਕਿਹਾ ਕਿ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ।

ਇੱਥੇ 71ਵੇਂ ਆਲ ਇੰਡੀਆ ਸਹਿਕਾਰੀ ਹਫ਼ਤੇ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਇਹ ਸਹਿਕਾਰੀ ਖੇਤਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਵੈ-ਸਹਾਇਤਾ ਸਮੂਹਾਂ ਰਾਹੀਂ ਖੇਤੀ ਉਤਪਾਦਾਂ ਦੇ ਮੁੱਲ ਵਾਧੇ ਨੂੰ ਯਕੀਨੀ ਬਣਾਉਂਦਿਆਂ ਉਤਪਾਦਾਂ ਦੀ ਬਰਾਮਦ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਢੁਕਵੀਂ ਭੂਮਿਕਾ ਨਿਭਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਪਹਿਲਾਂ ਹੀ ਠੋਸ ਉਪਰਾਲੇ ਕਰ ਰਹੀ ਹੈ। ਸ੍ਰੀ ਵੀ.ਕੇ.ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਹਿਕਾਰੀ ਖੇਤਰ ਦੇਸ਼ ਦੀ ਜੀਵਨ ਰੇਖਾ ਹੈ, ਜਿਸ ਨੇ ਆਜ਼ਾਦੀ ਤੋਂ ਬਾਅਦ ਦੇ ਦੌਰ ਵਿੱਚ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ/ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਸਹਿਕਾਰੀ ਖੇਤਰ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਖੇਤੀ ਉਤਪਾਦਾਂ ਦੇ ਮੁੱਲ ਵਾਧੇ ਰਾਹੀਂ ਉਨ੍ਹਾਂ ਨੂੰ ਆਪਣੇ ਉਤਪਾਦ ਵੇਚਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਦਿੱਲੀ ਵਰਗੀਆਂ ਮੰਡੀਆਂ, ਜਿੱਥੇ ਨਕਲੀ ਉਤਪਾਦ ਵੇਚੇ ਜਾ ਰਹੇ ਹਨ, ਵਿੱਚ ਕਿਸਾਨ ਆਪਣੇ ਉਤਪਾਦਾਂ ਨੂੰ ਵਧੀਆ ਮੁੱਲ ‘ਤੇ ਵੇਚ ਸਕਦੇ ਹਨ। ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਅੱਗੇ ਹੋ ਕੇ ਇਸ ਚੁਣੌਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਨਾਲ ਉਨ੍ਹਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚਾਇਆ ਜਾ ਸਕੇ।

ਵਿਸ਼ੇਸ਼ ਮੁੱਖ ਸਕੱਤਰ ਨੇ ਇਹ ਵੀ ਕਿਹਾ ਕਿ ਸਹਿਕਾਰੀ ਖੇਤਰ ਇਕੱਲਿਆਂ ਇਹ ਕੰਮ ਨਹੀਂ ਕਰ ਸਕਦਾ, ਸਗੋਂ ਵੱਖ-ਵੱਖ ਵਿਭਾਗ ਜਿਵੇਂ ਕਿ ਖੇਤੀਬਾੜੀ, ਬਾਗਬਾਨੀ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਇਕ ਦੂਜੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਲਈ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਇਸ ਨਾਲ ਇੱਕ ਪਾਸੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਦੂਜੇ ਪਾਸੇ ਖਪਤਕਾਰਾਂ ਨੂੰ ਮਿਆਰੀ ਭੋਜਨ ਦੀ ਸਪਲਾਈ ਯਕੀਨੀ ਬਣੇਗੀ।

ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਭਾਰਤ ਵਿੱਚ ਸਹਿਕਾਰੀ ਲਹਿਰ ਨੇ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਕਿਸਾਨ ਭਾਈਚਾਰੇ ਨੂੰ ਕਾਫ਼ੀ ਲਾਭ ਪਹੁੰਚਾਇਆ ਹੈ, ਜਿਨ੍ਹਾਂ ਨੇ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਜਿਹੇ ਸਮਾਗਮ ਪੂਰੇ ਉਤਸ਼ਾਹ ਨਾਲ ਮਨਾ ਕੇ ਸਹਿਕਾਰਤਾ ਲਹਿਰ ਨੂੰ ਹੋਰ ਹੁਲਾਰਾ ਦਿੱਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਇਹ ਢੁਕਵਾਂ ਸਮਾਂ ਹੈ, ਜਦੋਂ ਸਾਡੇ ਸਹਿਕਾਰੀ ਖੇਤਰ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਦਿਹਾਤੀ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ ਅਤੇ ਲੋਕਾਂ ਦੀ ਪ੍ਰਗਤੀ ਲਈ ਇਹ ਬਹੁਤ ਲਾਜ਼ਮੀ ਹੈ। ਇਸ ਮੌਕੇ ਉਨ੍ਹਾਂ ਆਸ ਪ੍ਰਗਟਾਈ ਕਿ ਕੌਮੀ ਸਹਿਕਾਰੀ ਹਫ਼ਤੇ ਦੌਰਾਨ ਹਫ਼ਤਾ ਭਰ ਚੱਲਣ ਵਾਲੇ ਸਮਾਗਮ ਨਿਸ਼ਚਿਤ ਤੌਰ ‘ਤੇ ਸੂਬੇ ਦੇ ਪਿੰਡਾਂ ਦੇ ਲੱਖਾਂ ਲੋਕਾਂ ਨੂੰ ਇਸ ਸ਼ਾਨਦਾਰ ਸਹਿਕਾਰੀ ਲਹਿਰ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਨਗੇ ਤਾਂ ਜੋ ਸਥਾਈ ਅਤੇ ਸਮਾਵੇਸ਼ੀ ਟੀਚੇ ਪ੍ਰਾਪਤ ਕੀਤੇ ਜਾ ਸਕਣ। ਸ੍ਰੀ ਵੀ.ਕੇ. ਸਿੰਘ ਨੇ ਅਜਿਹੇ ਸਮਾਗਮਾਂ ਜ਼ਰੀਏ ਸਹਿਕਾਰਤਾ ਲਹਿਰ ਨੂੰ ਹੋਰ ਹੁਲਾਰਾ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੰਤਵ ਸਹਿਕਾਰਤਾ ਲਹਿਰ ਨਾਲ ਜੁੜੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਜਾਗਰੂਕ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇੱਕ ਗੱਲ ਦਾ ਅਹਿਸਾਸ ਹੋਣਾ ਚਾਹੀਦਾ ਹੈ ਕਿ ਪੰਜਾਬ ਦਾ ਸਨੁਹਿਰੀ ਭਵਿੱਖ ਸਹਿਕਾਰੀ ਖੇਤਰ ਵਿੱਚੋਂ ਹੀ ਉਭਰੇਗਾ, ਜਿਸ ਵਿੱਚ ਅਧਿਕਾਰੀਆਂ ਦੀ ਅਹਿਮ ਭੂਮਿਕਾ ਹੈ। ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਇਸ ਲਹਿਰ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਇਸ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਸਕਣ।

ਇਸ ਤੋਂ ਪਹਿਲਾਂ ਸਕੱਤਰ ਸਹਿਕਾਰਤਾ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਸਹਿਕਾਰੀ ਖੇਤਰ ਦੀ ਅਹਿਮ ਭੂਮਿਕਾ ਹੈ। ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਦਾ ਧੰਨਵਾਦ ਕਰਦਿਆਂ ਉਨ੍ਹਾਂ ਜ਼ਮੀਨੀ ਪੱਧਰ ‘ਤੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਹਿਕਾਰੀ ਖੇਤਰ ਦੇ ਹੋਰ ਵਿਸਤਾਰ ਅਤੇ ਮਜ਼ਬੂਤੀ ਲਈ ਸਿੱਖਿਆ, ਸਮਾਨਤਾ ਅਤੇ ਸ਼ਮੂਲੀਅਤ ਦੀ ਲੋੜ ‘ਤੇ ਜ਼ੋਰ ਦਿੱਤਾ।

ਇਸ ਦੌਰਾਨ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਸਹਿਕਾਰੀ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸਾਰੇ ਪਤਵੰਤਿਆਂ ਨੇ ਸਹਿਕਾਰਤਾ ਅਫ਼ਸਰ ਸ੍ਰੀ ਜਸਬੀਰ ਸਿੰਘ ਵੱਲੋਂ ਸਹਿਕਾਰਤਾ ਬਾਰੇ ਲਿਖੀ ਪੁਸਤਕ ਦੀ ਘੁੰਡ ਚੁਕਾਈ ਕੀਤੀ।

ਇਸ ਮੌਕੇ ਸਕੱਤਰ ਸਹਿਕਾਰੀ ਸਭਾਵਾਂ ਸ੍ਰੀਮਤੀ ਰੀਤੂ ਅਗਰਵਾਲ, ਐਮ.ਡੀ ਮਾਰਕਫੈੱਡ ਸ੍ਰੀ ਗਿਰੀਸ਼ ਦਿਆਲਨ, ਐਮ.ਡੀ. ਸ਼ੂਗਰਫੈੱਡ ਸ੍ਰੀਮਤੀ ਸੇਨੂ ਦੁੱਗਲ, ਐਮ.ਡੀ. ਮਿਲਕਫੈੱਡ ਸ੍ਰੀ ਰਾਹੁਲ ਗੁਪਤਾ ਮੌਜੂਦ ਸਨ।