ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਵਾਰ ਵੋਟ ਫ਼ੀਸਦੀ 80 ਤੋਂ ਪਾਰ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਯਤਨ

Ferozepur

ਫਿਰੋਜ਼ਪੁਰ, 19 ਮਾਰਚ 2024.

                ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲੋਕ ਸਭਾ-2024 ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਖੇਤਰ ਵਿੱਚ ਲਗਾਤਾਰ ਯਤਨਸ਼ੀਲ ਹੈ ਅਤੇ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਵੀ ਕਰੇਗਾ। ਵੋਟ ਪ੍ਰਤੀਸ਼ਤਤਾ ਨੂੰ 80 ਫੀਸਦੀ ਤੋਂ ਪਾਰ ਕਰਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀ ਅਰੁਣ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਦੇ ਸਮੂਹ ਐਨ.ਜੀ.ਓ.ਜ਼, ਸਵੀਪ ਨੋਡਲ ਅਫ਼ਸਰਜ਼, ਸਵੀਪ ਆਈਕਨਜ਼ ਤੇ ਹੋਰ ਵਿਭਾਗਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਹਾਜ਼ਰੀਨ ਤੋਂ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਅਤੇ ਹਰ ਤਰ੍ਹਾਂ ਦੇ ਯਤਨ ਕਰਨ ਦੀ ਅਪੀਲ ਕੀਤੀ।

                ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ”ਇਸ ਵਾਰ 80 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਹਾਜ਼ਰੀਨ ਨੂੰ ਪ੍ਰੇਰਿਤ ਕਰਦਿਆਂ ਕਿ ਉਹ ਪ੍ਰਤੀਸ਼ਤਤਾ ਵਧਾਉਣ ‘ਤੇ ਕੋਸ਼ਿਸ਼ਾਂ ਤੇਜ਼ ਕਰਨ ਲਈ ਕਿਹਾ ।ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਪ੍ਰੋਗਰਾਮ ਅਧੀਨ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੀਆਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਮੇਂ ਸਾਰੇ ਮੌਜੂਦ ਮੈਂਬਰਾਂ ਤੋਂ ਉਨ੍ਹਾਂ ਦੇ ਸੁਝਾਅ ਲਏ ਗਏ ਅਤੇ ਉਨ੍ਹਾਂ ਦੁਆਰਾ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਸ਼ਾਂਤਮਈ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਕਿਸੇ ਵੀ ਦਿਵਿਆਂਗ ਜਾਂ ਬਿਰਧ ਵੋਟਰ ਨੂੰ ਵੋਟ ਪਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਚੋਣਾਂ ਵਿੱਚ ਔਰਤਾਂ, ਬਿਰਧ ਵਿਅਕਤੀਆਂ, ਨਵੇਂ ਵੋਟਰਾਂ, ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਵਾਸਤੇ ਵੀ ਵਿਸ਼ੇਸ਼ ਵਿਚਾਰ ਸਾਂਝੇ ਕੀਤੇ ਗਏ ਅਤੇ ਇਨ੍ਹਾਂ ਵਿਚਾਰਾਂ ਮੁਤਾਬਿਕ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਦੌਰਾਨ ਇਸ ਵਿਸ਼ੇ ਤੇ ਜਿਆਦਾ ਜ਼ੋਰ ਦਿੱਤਾ ਗਿਆ ਕਿ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਨਾਅਰੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਹਰ ਵੋਟਰ ਨੂੰ ਪੋਲਿੰਗ ਬੂਥ ਤੱਕ ਪਹੁੰਚਾਇਆ ਜਾਵੇ। ਬੂਥਾਂ ਉੱਪਰ ਹਰ ਤਰ੍ਹਾਂ ਦੀਆਂ ਸਹੂਲਤਾਂ ਨੂੰ ਪੂਰੇ ਤਰੀਕੇ ਨਾਲ ਤਿਆਰ ਕੀਤਾ ਜਾਵੇ ਤਾਂ ਜੋ ਕਿਸੇ ਵੀ ਵੋਟਰ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ, ਲਾਲਚ ਆਦਿ ਤੋਂ ਆਪਣੀ ਵੋਟ ਪਾਉਣ ਜਾਣ ਤਾਂ ਜੋ ਲੋਕਤੰਤਰ ਦੀ ਮਜ਼ਬੂਤੀ ਵਿੱਚ ਹਿੱਸਾ ਪਾਇਆ ਜਾ ਸਕੇ।

                ਸਵੀਪ ਦੇ ਜ਼ਿਲ੍ਹਾ ਕੋਆਰਡੀਨੇਟਰ ਪ੍ਰਿੰ. ਡਾ. ਸਤਿੰਦਰ ਸਿੰਘ ਨੇ ਸਵੀਪ ਅਧੀਨ ਜ਼ਿਲ੍ਹੇ ਅੰਦਰ ਵੋਟਰਾਂ ਨੂੰ ਮੱਤਦਾਨ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕੀਤੇ ਜਾਣ ਵਾਲੇ ਉਪਰਾਲਿਆਂ, ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਤੇ ਯਕੀਨ ਦਵਾਇਆ ਕਿ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਸਵੀਪ ਗਤੀਵਿਧੀਆਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ ਅਤੇ ਵੋਟ ਫੀਸਦੀ ਵਿੱਚ ਵਾਧਾ ਕੀਤਾ ਜਾਵੇਗਾ।

                ਇਸ ਮੌਕੇ ਡੀਈਓ. ਸੈਕੰਡਰੀ ਸ੍ਰੀ ਸੰਜੀਵ ਗੌਤਮ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਡੀ.ਐਸ.ਐਸ.ਓ. ਰੇਨੂੰ ਬਾਲਾ, ਸੀਨੀਅਰ ਸਿਟੀਜ਼ਨ ਸ੍ਰੀ ਹਰੀਸ਼ ਮੌਂਗਾ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।