ਸੁਪਰੀਮ ਕੋਰਟ ਵੱਲੋਂ 29 ਜੁਲਾਈ ਤੋਂ 03 ਅਗਸਤ ਦਰਮਿਆਨ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ

Ludhiana

ਲੁਧਿਆਣਾ, 24 ਮਈ (000) – ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ, ਨਵੀਂ ਦਿੱਲੀ  ਵੱਲੋਂ ਮਿਤੀ 29/07/2024 ਤੋਂ 03/08/2024 ਦਰਮਿਆਨ ਸੁਪਰੀਮ ਕੋਰਟ ਆਫ ਇੰਡੀਆ, ਨਵੀਂ ਦਿੱਲੀ ਵਿਖੇ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਮੈਡਮ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਦੱਸਿਆ ਕਿ  ਇਸ ਸਪੈਸ਼ਲ ਲੋਕ ਅਦਾਲਤ ਦੇ ਵਿੱਚ ਲੇਬਰ ਸਬੰਧੀ ਮਾਮਲੇ, ਮੌਰਟਗੇਜ਼ ਨਾਲ ਸਬੰਧਤ ਮਾਮਲੇ, ਚੈੱਕ ਨਾਲ ਸਬੰਧਤ ਮਾਮਲੇ (138 ਐਨ.ਆਈ.ਐਕਟ), ਖਪਤਕਾਰ ਸੁਰੱਖਿਆ ਦੇ ਮਾਮਲੇ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਹੋਰ ਮੁਆਵਜੇ ਦੇ ਮਾਮਲੇ, ਰਕਮ ਵਸੂਲੀ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਕਰਿਮੀਨਲ ਕੰਪਾਉਡੇਬਲ ਮਾਮਲੇ,  ਸਰਵਿਸਜ਼ ਸਬੰਧੀ ਮਾਮਲੇ, ਜਮੀਨੀ ਵਿਵਾਦਾਂ ਦੇ ਨਾਲ ਸਬੰਧਤ ਮਾਮਲੇ, ਰੈਂਟ ਸਬੰਧੀ ਮਾਮਲੇ, ਹੋਰ ਸਿਵਲ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਸਬੰਧ ਮਾਮਲੇ ਆਦਿ ਵਿਸ਼ੇਸ਼ ਤੌਰ ਤੇ ਸੁਣਵਾਈ ਦੇ ਲਈ ਰੱਖੇ ਜਾਣਗੇ।

ਇਸ ਸਬੰਧੀ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ਜ ਜੱਜ, ਲੁਧਿਆਣਾ ਵੱਲੋਂ ਆਮ ਲੋਕਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਕੇਸ ਸੁਪਰੀਮ ਕੋਰਟ ਆਫ ਇੰਡੀਆ ਵਿੱਚ ਲੰਬਿਤ ਹੈ ਤਾਂ ਇਸ ਸਪੈਸ਼ਲ ਲੋਕ ਅਦਾਲਤ ਦਾ ਲਾਹਾ ਲੈਂਦੇ ਹੋਏ ਆਪਣੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰਾ ਇਸ ਸਪੈਸ਼ਲ ਲੋਕ ਅਦਾਲਤ ਰਾਹੀਂ ਕਰਵਾਇਆ ਜਾਵੇ। ਲੋਕ ਅਦਾਲਤ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਦੋਵੇ  ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘੱਟਦੀ ਹੈ, ਪਿਆਰ ਵਧਦਾ ਹੈ ਅਤੇ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਜਿਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ।

ਇਸ ਸਬੰਧੀ ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਜੇਕਰ ਕਿਸੇ ਵਿਅਕਤੀ ਦਾ ਕੇਸ ਸੁਪਰੀਮ ਕੋਰਟ ਆਫ ਇੰਡੀਆ ਵਿੱਚ ਲੰਬਿਤ ਹੈ ਅਤੇ ਉਹ ਆਪਣੇ ਕੇਸ ਦਾ ਨਿਪਟਾਰਾ ਇਸ ਸਪੈਸ਼ਲ ਲੋਕ ਅਦਾਲਤ ਵਿੱਚ ਸੁਣਵਾਈ ਦੇ ਲਈ ਰੱਖਣਾ ਚਾਹੁੰਦੇ ਹਨ ਤਾਂ ਇਸ ਸਬੰਧੀ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸੂਬਾ ਪੱਧਰ ‘ਤੇ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੇ ਦਫ਼ਤਰ ਵਿਖੇ ਵੀ ਸਪੰਰਕ ਕੀਤਾ ਜਾ ਸਕਦਾ ਹੈ।

ਅਖੀਰ ਵਿੱਚ, ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਮਿਤੀ 29/07/2024 ਤੋਂ 03/08/2024 ਦੌਰਾਨ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ ”ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾਂ ਰਾਹੀਂ ਸਸਤਾਂ ਤੇ ਛੇਤੀ ਨਿਆਂ ਪਾਓ”