ਧਰਤੀ ਹੇਠਲੇ ਪਾਣੀ ਨੂੰ ਗੰਧਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਵਾਤਾਵਰਨ ਇੰਜਨੀਅਰ

Politics Punjab

ਮੰਡੀ ਗੋਬਿੰਦਗੜ੍ਹ, 23 ਫਰਵਰੀ 

ਧਰਤੀ ਹੇਠਲਾ ਪਾਣੀ ਕੁਦਰਤ ਦਾ ਅਨਮੋਲ ਖਜਾਨਾ ਹੈ ਜਿਸ ਦੀ ਸੰਭਾਲ ਕਰਨੀ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਹੈ ਅਤੇ ਕੁਦਰਤ ਦੀ ਇਸ ਅਨਮੋਲ ਦਾਤ ਨੂੰ ਗੰਧਲਾ ਕਰਨ ਵਾਲਿਆਂ ਵਿਰੁੱਧ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਣ ਇੰਜਨੀਅਰ ਕਮਲ ਸਿੰਗਲਾ ਨੇ ਦਿੱਤੀ। ਉਹਨਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਅਮਲੋਹ ਰੋਡ ਤੇ  ਬਰਸਾਤੀ ਪਾਣੀ ਨੂੰ ਹਾਰਵੈਸਟ ਕਰਨ ਵਾਸਤੇ ਨੈਸ਼ਨਲ ਹਾਈਵੇ ਅਥਾਰਟੀ ਦਾ ਕੰਮ ਚੱਲ ਰਿਹਾ ਹੈ। ਬਰਸਾਤੀ ਪਾਣੀ ਨੂੰ ਹਾਰਵੈਸਟ ਕਰਨ ਵਾਸਤੇ ਪਿੱਟ ਬਣਾਏ ਜਾਂਦੇ ਹਨ ਜਿੱਥੋਂ ਕਿ ਪਾਣੀ ਫਿਲਟਰ ਹੋ ਕੇ ਧਰਤੀ ਹੇਠਲੇ ਪਾਣੀ ਵਿੱਚ ਮਿਲਦਾ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਕਿਸੇ ਕਿਸਮ ਦਾ ਦੂਸ਼ਿਤ ਪਾਣੀ ਧਰਤੀ ਹੇਠਲੇ ਪਾਣੀ ਵਿੱਚ ਮਿਲਾਉਂਦੀ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਂਦੀ ਹੈ।

ਸ੍ਰੀ ਕਮਲ ਸਿੰਗਲਾ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੂਬੇ ਨੂੰ ਪ੍ਰਦੂਸ਼ਿਤ ਰਹਿਣ ਰੱਖਣ ਲਈ ਅਹਿਮ ਕਾਰਜ ਕਰ ਰਿਹਾ ਹੈ ਅਤੇ ਹਵਾ ਤੇ ਪਾਣੀ ਨੂੰ ਦੂਸ਼ਿਤ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ। ਉਹਨਾਂ ਦੱਸਿਆ ਇਹ ਮਾਮਲਾ ਉਨਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਇਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਤੇ ਅਧਿਕਾਰੀਆਂ ਨੂੰ ਭੇਜ ਕੇ ਰਿਪੋਰਟ ਪ੍ਰਾਪਤ ਕੀਤੀ ਜਾਵੇਗੀ ਅਤੇ ਜੇਕਰ ਧਰਤੀ ਹੇਠਾਂ ਕਿਸੇ ਕਿਸਮ ਦਾ ਗੰਧਲਾ ਪਾਣੀ ਪਾਉਣ ਸਬੰਧੀ ਸੂਚਨਾ ਮਿਲੀ ਤਾਂ ਸਬੰਧਤਾਂ ਵਿਰੁੱਧ ਨਿਯਮਾਂ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 ਉਹਨਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਣ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ।

Leave a Reply

Your email address will not be published. Required fields are marked *