ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

Politics Punjab

ਚੰਡੀਗੜ੍ਹ, 25 ਨਵੰਬਰ

 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ ਨੋਟਿਸ ਲਿਆ ਹੈ।

ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਨੂੰ ਅਣਡਿੱਠਾ ਕਰਦੇ ਹੋਏ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਦੇ ਹਨ, ਜਿਸ ਨਾਲ ਧੁੰਦ ਅਤੇ ਠੰਡ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਖਤਰੇ ਵਿੱਚ ਪੈ ਸਕਦੀ ਹੈ। ਪਿਛਲੇ ਦਿਨਾਂ ‘ਚ ਕਈ ਥਾਵਾਂ ਤੇ ਸਕੂਲੀ ਬੱਸਾਂ ਨਾਲ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਬੱਚਿਆਂ ਦੀ ਜਾਨ ਨੂੰ ਖਤਰਾ ਪੈਦਾ ਹੋਇਆ ।

ਕਮਿਸ਼ਨ ਵੱਲੋਂ ਇਸ ਮਾਮਲੇ ਦਾ ਸਖਤ ਨੋਟਿਸ ਲੈਂਦੇ ਹੋਏ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਪ੍ਰਾਈਵੇਟ ਸਕੂਲ ਸਰਕਾਰੀ ਹੁਕਮਾਂ ਦੀ ਉਂਲੰਘਣਾ ਕਰਦੇ ਹਨ ਉਨ੍ਹਾਂ ਵਿਰੁੱਧ ਸਖਤੀ ਨਾਲ ਨਿਪਟਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਹੀ ਕੀਤੀ ਜਾਂਦੀ ਅਤੇ ਹਾਦਸਾ ਵਾਪਰਦਾ ਹੈ, ਤਾਂ ਉਸ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਦੀ ਹੋਵੇਗੀ।

ਇਸ ਸਬੰਧੀ ਕਮਿਸ਼ਨ ਨੇ ਸਮੂਹ ਜਿਲ੍ਹਾ ਸਿੱਖਿਆ ਅਧਿਕਾਰੀਆਂ, ਬਾਲ ਸੁਰੱਖਿਆ ਅਧਿਕਾਰੀਆਂ ਅਤੇ ਪੁਲਿਸ ਵਿਭਾਗ ਨੂੰ ਇਹ ਨਿਰਦੇਸ਼ ਦਿੱਤੇ ਹਨ ਕਿ ਉਹ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਉਣ।