ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ ਦੇ ਸਿਹਤ ਬੀਮੇ ਦੀ ਰਾਸ਼ੀ ਤੇ ਸਬਸਿਡੀ ਉਪਲਬਧ-ਨਿਰਵੈਰ ਸਿੰਘ ਬਰਾੜ

Faridkot

ਫਰੀਦਕੋਟ 1 ਜੁਲਾਈ () ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਰੀਦਕੋਟ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ। ਇਨ੍ਹਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਾਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇਂ ਕਿ ਇਨ੍ਹਾਂ ਬਿਮਾਰੀਆਂ ਦੇ ਰੋਕਥਾਮ ਲਈ ਸਰਕਾਰ ਵੱਲੋਂ ਪਸ਼ੂਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਕੀਤਾ ਜਾਂਦਾ ਹੈ ਪਰ ਫਿਰ ਵੀ ਸਰਕਾਰ ਵੱਲੋਂ ਪਸ਼ੂ-ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਲਈ ਬੀਮੇ ਦੀ ਰਾਸ਼ੀ ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਆਰਥਿਕ ਨੁਕਸਾਨ ਨੂੰ ਘੱਟ ਕਰਨ ਲਈ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ (ਮੱਝਾਂ ਅਤੇ ਗਾਵਾਂ) ਦੇ ਬੀਮੇ ਦੀ ਰਾਸ਼ੀ ਤੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 70 ਪ੍ਰਤੀਸ਼ਤ ਸਬਸਿਡੀ ਅਤੇ ਜਨਰਲ ਜਾਤੀ ਲਾਭਪਾਤਰੀਆਂ ਨੂੰ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਸਕੀਮ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਦੀ ਸਾਂਝੀ ਸਕੀਮ ਹੈ। ਇਹ ਸਕੀਮ ਪ੍ਰਤੀ ਪਰਿਵਾਰ 1 ਤੋਂ 5 ਪਸ਼ੂਆਂ ਤੱਕ ਹੀ ਉਪਲਬਧ ਹੈ ਜਿਸ ਵਿੱਚ ਪਸ਼ੂ ਦੀ ਕੀਮਤ 70 ਹਜ਼ਾਰ ਰੁਪਏ ਨਿਰਧਾਰਿਤ ਕੀਤੀ ਗਈ ਹੈ।

ਇਸ ਸਕੀਮ ਅਧੀਨ ਇੱਕ ਸਾਲ ਦਾ ਬੀਮਾ ਐਸ.ਸੀ ਅਤੇ ਐਸ.ਟੀ ਲਾਭਪਾਤਰੀਆਂ ਦੇ ਪਸ਼ੂਆਂ ਦਾ 672 ਰੁਪਏ ਵਿੱਚ ਅਤੇ ਜਨਰਲ ਲਾਭਪਾਤਰੀਆਂ ਦੇ ਪਸ਼ੂਆਂ ਦਾ 1120 ਰੁਪਏ ਵਿੱਚ ਕੀਤਾ ਜਾ ਰਿਹਾ ਹੈ। ਇਸ ਰਾਸ਼ੀ ਵਿੱਚ ਜਨਰਲ ਵਰਗ ਲਈ 50 ਪ੍ਰਤੀਸ਼ਤ ਅਤੇ ਐਸ.ਸੀ. ਅਤੇ ਐਸ.ਟੀ. ਵਰਗ ਲਈ 70 ਪ੍ਰਤੀਸ਼ਤ ਸਬਸਿਡੀ ਕੱਟ ਕੇ ਦੁੱਧ ਉਤਪਾਦਕ ਵੱਲੋਂ ਇਹ ਰਾਸ਼ੀ ਦਿੱਤੀ ਜਾਣੀ ਹੈ।

ਇੰਸਪੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਗੁਰਲਾਲ ਸਿੰਘ ਅਤੇ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਕੋਈ ਵੀ ਦੁੱਧ ਉਤਪਾਦਕ ਜਿਸ ਨੇ ਬੈਂਕ ਤੋਂ ਡੇਅਰੀ ਕਰਜ਼ਾ ਲਿਆ ਹੈ ਜਾਂ ਨਹੀਂ ਲਿਆ ਹੈ, ਕਿਸਾਨ ਕ੍ਰੈਡਿਟ ਕਾਰਡ (ਕੇ.ਸੀਸੀ) ਸਕੀਮ ਲਈ ਹੈ ਜਾਂ ਨਹੀਂ ਲਈ ਹੈ, ਸਕੀਮ ਦਾ ਲਾਭ ਲੈ ਸਕਦਾ ਹੈ। ਇਸ ਤੋਂ ਇਲਾਵਾ ਸਿੱਧੇ ਤੌਰ ਤੇ ਡੇਅਰੀ ਕਿੱਤਾ ਕਰਨ ਵਾਲੇ ਵੀ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਇੰਸਪੈਕਟਰ ਡੇਅਰੀ ਵਿਕਾਸ ਵਿਭਾਗ ਫਰੀਦਕੋਟ ਨੇ ਜਿਲ੍ਹੇ ਦੇ ਸਮੂਹ ਦੁੱਧ ਉਤਪਾਦਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ (ਦਫਤਰ ਫਰੀਦਕੋਟ) ਵਿਖੇ ਦਫਤਰੀ ਸਮੇਂ ਦੌਰਾਨ ਜਾ 9877993637 ਅਤੇ 7888481478 ਤੇ ਸੰਪਰਕ ਕੀਤਾ ਜਾ ਸਕਦਾ ਹੈ।