ਮੋਗਾ, 25 ਸਤੰਬਰ (000) –
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ। ਵੱਖ-ਵੱਖ ਕੋਰਟ ਕੇਸਾਂ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਸੁਪਰੀਮ ਕੋਰਟ ਵੱਲੋਂ ਵੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਨ੍ਹਾਂ ਸੁਪਰ ਐਸ.ਐਮ.ਐਸ. ਤੋਂ ਕੰਬਾਈਨਾਂ ਨੂੰ ਚਲਾਉਣ ਉੱਪਰ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਉਕਤ ਨੂੰ ਮੁੱਖ ਰੱਖਦੇ ਹੋਏ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸੁਪਰ ਸਟਰਾਅ ਮੈਨੇਜਮੈਟ ਸਿਸਟਮ (ਐਸ.ਐਮ.ਐਸ.) ਤੋ ਬਿਨ੍ਹਾਂ ਕੋਈ ਵੀ ਕੰਬਾਇਲ ਨਾ ਚਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਮਾਰੂ ਪ੍ਰਭਾਵ ਪੈ ਰਹੇ ਹਨ, ਇਸ ਲਈ ਐਸ.ਐਮ.ਐਸ. ਤੋ ਬਿਨ੍ਹਾਂ ਕਿਸੇ ਵੀ ਕੰਬਾਇਨ ਨੂੰ ਚੱਲਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ।
ਜਿਕਰਯੋਗ ਹੈ ਕਿ ਸੁਪਰ ਐਸ.ਐਮ.ਐਸ. ਕੰਬਾਈਨ ਨਾਲ ਜੁੜਿਆ ਅਜਿਹਾ ਯੰਤਰ ਹੈ ਜਿਹੜਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਕੰਬਾਈਨ ਵਿੱਚੋਂ ਨਿਕਲਣ ਵਾਲੀ ਪਰਾਲੀ ਨੂੰ ਬਿਲਕੁਲ ਛੋਟੇ ਛੋਟੇ ਟੁਕੜਿਆਂ ਵਿੱਚ ਕੱਟ ਦਿੰਦਾ ਹੈ ਜਿਸ ਨਾਲ ਇਹ ਪਰਾਲੀ ਖੇਤ ਵਿੱਚ ਹੀ ਆਸਾਨੀ ਨਾਲ ਗਲ ਜਾਂਦੀ ਹੈ ਅਤੇ ਇਸਨੂੰ ਅੱਗ ਲਗਾਉਣ ਦੀ ਜਰੂਰਤ ਨਹੀਂ ਰਹਿੰਦੀ।ਪਰਾਲੀ ਨੂੰ ਅੱਗ ਲਗਾਉਣ ਤੋਂ ਨਿਜਾਤ ਪਾਉਣ ਲਈ ਇਹ ਸਿਸਟਮ ਬਹੁਤ ਹੀ ਕਾਰਗਰ ਹੈ।