ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

Mansa

ਮਾਨਸਾ, 09 ਜੂਨ:
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਨਿਰਮਲ ਓਸੇਪਚਨ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।
          ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ, ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ, ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼, ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ, ਵੱਖ ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਬਚਾਉਣ ਦੀ ਲੋੜ ਹੈ। ਇਸ ਤਰ੍ਹਾਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ।
ਉਨ੍ਹਾਂ ਹੁਕਮ ਦਿੱਤਾ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਲਾਗੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਨੂੰ ਮੁਹੱਈਆ ਕਰਵਾਉਣਗੀਆਂ।
          ਇਹ ਹੁਕਮ 31 ਜੁਲਾਈ, 2024 ਤੱਕ ਲਾਗੂ ਰਹੇਗਾ।