ਕੋਟਕਪੂਰਾ: 14 ਦਸੰਬਰ 2024 ( )
ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੰਡੀ ਕੋਟਕਪੂਰਾ ਵਿੱਚ ਖਾਦ ਵਿਕਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਕੀਤੀ । ਟੀਮ ਵਿਚ ਹੋਰਨਾਂ ਤੋਂ ਇਲਾਵਾ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ,ਡਾਕਟਰ ਪ੍ਰਿੰਸਦੀਪ ਸਿੰਘ ,ਡਾਕਟਰ ਲਖਬੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ,ਰਾਜਾ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ। ਟੀਮ ਵੱਲੋਂ ਵੱਖ ਵੱਖ ਦੁਕਾਨਾਂ ਤੋਂ 4 ਨਦੀਨਨਾਸ਼ਕਾਂ ਅਤੇ ਦੋ ਖਾਦਾਂ ਦੇ ਨਮੂਨੇ ਭਰ ਕੇ ਪਰਖ ਲਈ ਪ੍ਰਯੋਗਸ਼ਾਲਾ ਵਿਚ ਭੇਜ ਦਿੱਤੇ ਗਏ।
ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋਂ ਕਿਸਾਨਾਂ ਨੂੰ ਯੂਰੀਆ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾਂ ਆਵੇ।ਉਨਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਕਿ ਰੋਜ਼ਾਨਾ ਦੁਕਾਨ ਤੇ ਯੂਰੀਆ ਖਾਦ ਦਾ ਸਟਾਕ ਬੋਰਡ ਵਿਚ ਸਟਾਕ ਵਿਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਕਣਕ ਦੀ ਕਾਸਤ ਲਈ ਯੂਰੀਆ ਖਾਦ ਦੀ ਘਾਟ ਨਹੀਂ ਹੈ ਅਤੇ ਕਿਸਾਨਾਂ ਨੂੰ ਕਿਸੇ ਤਰਾਂ ਦੀ ਘਬਰਾਹਟ ਵਿਚ ਨਹੀਂ ਆਉਣਾ ਚਾਹੀਦਾ। ਉਨਾਂ ਨੇ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਯੂਰੀਆ ਖਾਦ ਮਿਲ ਸਕੇ।
ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਖਾਦ ਦੀ ਹੋਈ ਵਿਕਰੀ ਦਾ ਸਟਾਕ ਪੋਸ ਮਸ਼ੀਨਾਂ ਵਿਚੋਂ ਰੋਜਾਨਾ ਕਢਿਆ ਜਾਵੇ ਤਾਂ ਖਾਦ ਦੀ ਸਪਲਾਈ ਵਿਚ ਕੋਈ ਵਿਗਨ ਨਾ ਪਵੇ ।ਉਨਾਂ ਕਿਹਾ ਕਿ ਡੀਲਰਾਂ /ਸਹਿਕਾਰੀ ਸਭਾਵਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।
ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।