ਲੁਧਿਆਣਾ, 1 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਇੱਥੇ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰ ਜ਼ੋਨਲ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਗੁਣ ਹੁੰਦੇ ਹਨ ਅਤੇ ਇਨ੍ਹਾਂ ਦੀਆਂ ਯੋਗਤਾਵਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ਾਂ ਦੀ ਤਰ੍ਹਾਂ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਲਾਂਚਪੈਡ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ ‘ਤੇ ਮਾਣ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇੱਥੇ ਆਉਣਾ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਉਹ ਅਜਿਹੇ ਯੁਵਕ ਮੇਲਿਆਂ ਦੀ ਪੈਦਾਇਸ਼ ਹਨ। ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਕੰਮ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਨੇ ਉਨ੍ਹਾਂ ਨੂੰ ਇੱਕ ਕਲਾਕਾਰ ਵਜੋਂ ਅਤੇ ਹੁਣ ਇੱਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਸਫ਼ਲ ਹੋਣ ਵਿੱਚ ਮਦਦ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਬਪੱਖੀ ਵਿਕਾਸ ਲਈ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਖ਼ੁਦ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਆਪਣੇ ਕਾਲਜ ਲਈ ਟਰਾਫੀਆਂ ਜਿੱਤੀਆਂ ਅਤੇ ਕਿਹਾ ਕਿ ਜਿੱਤਣਾ ਹੀ ਉਨ੍ਹਾਂ ਦਾ ਇੱਕੋ ਇੱਕ ਜਨੂੰਨ ਸੀ ਅਤੇ ਉਹ ਹਮੇਸ਼ਾ ਜਿੱਤਣ ਦੀ ਸਕਾਰਾਤਮਕ ਸੋਚ ਰੱਖਦੇ ਸਨ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਕਿਉਂਕਿ ਅੰਤ ਵਿੱਚ ਪ੍ਰਦਰਸ਼ਨ ਹੀ ਮਾਇਨੇ ਰੱਖਦਾ ਹੈ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਜਿੱਤ ਤੋਂ ਬਾਅਦ ਵੀ ਡਟੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹ ਹੀ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਕਿਹਾ ਕਿ ਇਹ ਯੁਵਕ ਮੇਲੇ ਸਫਲ ਅਤੇ ਚੰਗੇ ਇਨਸਾਨ ਬਣਨ ਦਾ ਮੰਚ ਪ੍ਰਦਾਨ ਕਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਇੰਸ ਦੇ ਅਧਿਆਪਕ ਸਨ ਅਤੇ ਚਾਹੁੰਦੇ ਸਨ ਕਿ ਉਹ ਵਿੱਦਿਅਕ ਖੇਤਰ ਵਿੱਚ ਤਰੱਕੀ ਹਾਸਲ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲਾ ਅਤੇ ਸੱਭਿਆਚਾਰ ਪ੍ਰਤੀ ਜਨੂੰਨ ਕਾਰਨ ਆਖਰਕਾਰ ਉਹ ਇਸ ਖੇਤਰ ਵਿੱਚ ਸਫਲ ਹੋਏ। ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਪੁਰਾਣੇ ਰਿਸ਼ਤਿਆਂ, ਦੋਸਤਾਂ ਤੇ ਅਧਿਆਪਕਾਂ ਦੀ ਕਦਰ ਕਰਨ।
ਪੰਜਾਬ ਨੂੰ ਵਿਸ਼ਵ ਭਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਅਤੇ ਸੂਬਾ ਸਰਕਾਰ ਦਾ ਸਮਰਥਨ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਬੇਅੰਤ ਤਾਕਤ ਅਤੇ ਪ੍ਰਤਿਭਾ ਦੀ ਬਖ਼ਸ਼ਿਸ਼ ਹੈ, ਜਿਸ ਨੇ ਹਮੇਸ਼ਾ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਨੌਜਵਾਨਾਂ ਨੂੰ ਸੂਬੇ ਅਤੇ ਸਮਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਕਾਰਾਤਮਕ ਯੋਗਦਾਨ ਪਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਆਗੂ ਕਦੇ ਵੀ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋਏ ਕਿਉਂਕਿ ਉਨ੍ਹਾਂ ਨੂੰ ਨੌਜਵਾਨਾਂ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ, ਜਿਸ ਲਈ ਉਹ ਬਿਨਾਂ ਖੁੰਝੇ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਇਸ ਦੌਰਾਨ ਵਿਦਿਆਰਥੀਆਂ ਦੀ ਮੰਗ ‘ਤੇ ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਸਾਥੀ ਅਤੇ ਕਲਾਕਾਰ ਕਰਮਜੀਤ ਅਨਮੋਲ ਦੇ ਨਾਲ ਸਟੇਜ ਤੋਂ ਉੱਘੇ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੁਆਰਾ ਲਿਖੀ ਕਵਿਤਾ ‘ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਸੁਣਾ ਕੇ ਸਰੋਤਿਆਂ ਨੂੰ ਮੰਤਰ-ਮੁਗਧ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਵਿਤਾ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਉਹ ਆਪਣੇ ਕਾਲਜ ਦੇ ਦਿਨਾਂ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ ਇਹ ਕਵਿਤਾ ਸੁਣਾਉਂਦੇ ਸਨ ਅਤੇ ਅੱਜ ਉਨ੍ਹਾਂ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕੀਤਾ ਹੈ। ਆਪਣੀ ਕਿਸਮ ਦੀ ਪਹਿਲੀ ਪੇਸ਼ਕਾਰੀ ਤਹਿਤ ਸਟੇਜ ਤੋਂ ਦੋ ਮਿੰਟ ਤੱਕ ਕਵਿਤਾ ਸੁਣਾ ਕੇ ਭਗਵੰਤ ਸਿੰਘ ਮਾਨ ਨੇ ਸਰੋਤਿਆਂ ਨੂੰ ਕੀਲ ਕੇ ਰੱਖ ਦਿੱਤਾ। ਇਸ ਦੌਰਾਨ ਮੌਕੇ ‘ਤੇ ਮੌਜੂਦ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰਾਂ ਨੇ ਮੁੱਖ ਮੰਤਰੀ ਦੀ ਇਸ ਦੁਰਲੱਭ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ।