ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

Politics Punjab S.A.S Nagar

 ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਾ ਹੋਣ ਦਿੱਤੇ।

ਅੱਜ ਇੱਥੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੇ ਘਿਨਾਉਣੇ ਕਾਰੇ ਲਈ ਕੋਈ ਥਾਂ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ 175 ਦੇ ਕਰੀਬ ਪੁਲਿਸ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਸਾਰਥਿਕ ਨਤੀਜੇ ਨਿਕਲੇ ਕਿਉਂਕਿ ਪੰਜਾਬ ਪੁਲਿਸ ਨੇ ਸੂਬੇ ਦਾ ਨਾਮ ਬਦਨਾਮ ਕਰਨ ਦੀ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਜਿਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਾਜ਼ ਅੱਖ ਰੱਖਣ ਲਈ ਤਾਇਨਾਤ ਕੀਤਾ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰੀ ਘਟਨਾ ‘ਤੇ ਬਾਕਾਇਦਾ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਪੁਲਿਸ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਧ ਤੋਂ ਵੱਧ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਡੀ.ਜੀ.ਪੀ. ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਪੁਰਸ਼ਾਂ, ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਹੀ ਭਾਈਚਾਰਕ ਸਾਂਝ ਅਤੇ ਆਪਸੀ ਮਿਲਵਰਤਣ ਦੀਆਂ ਕਦਰਾਂ-ਕੀਮਤਾਂ ਲਈ ਮਾਨਵਤਾ ਲਈ ਮਿਸਾਲ ਬਣਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਭ ਤੋਂ ਵੱਧ ਤਰਜੀਹ ਹੈ ਅਤੇ ਸਰਕਾਰ ਕਿਸੇ ਨੂੰ ਵੀ ਅਜਿਹੀ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸ਼ਹੀਦ ਭਗਤ ਸਿੰਘ ਹਵਾਈ ਅੱਡਾ, ਮੋਹਾਲੀ ਅਤੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ, ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਸ਼ੁਰੂਆਤ ਲਈ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਜਾਣ ਵਾਲੇ ਪੰਜਾਬੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਹਵਾਈ ਅੱਡਿਆਂ ‘ਤੇ ਅੰਤਰਰਾਸ਼ਟਰੀ ਉਡਾਣਾਂ ਦੇ ਟੇਕਆਫ ਅਤੇ ਲੈਂਡਿੰਗ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਕਿ ਕੌਮਾਂਤਰੀ ਉਡਾਣਾਂ ਜਲਦੀ ਸ਼ੁਰੂ ਹੋ ਜਾਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼-ਵਿਦੇਸ਼ ਵਿਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।