ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹੇ ‘ਚ ਚਲਾਈ ਡੇਂਗੂ ਜਾਂਚ ਮੁਹਿੰਮ

Politics Punjab S.A.S Nagar

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ:

ਜ਼ਿਲ੍ਹਾ ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਨੇ ਅੱਜ ਸਵੇਰੇ 9 ਵਜੇ ਤੋਂ 12 ਵਜੇ ਤਕ ਸਾਰੇ ਜ਼ਿਲ੍ਹੇ ਵਿਚ ਉਨ੍ਹਾਂ ਸਾਰੀਆਂ ਥਾਵਾਂ (ਹੌਟ-ਸਪੌਟ) ‘ਤੇ ਜਾ ਕੇ ਵਿਸ਼ੇਸ਼ ਜਾਂਚ ਕੀਤੀ ਜਿੱਥੇ ਪਿਛਲੇ ਦਿਨਾਂ ਦੌਰਾਨ ਡੇਂਗੂ ਬੁਖ਼ਾਰ ਦੇ ਵਧੇਰੇ ਮਾਮਲੇ ਸਾਹਮਣੇ ਆਏ ਹਨ। ਸੀਨੀਅਰ ਸਿਹਤ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਅੱਜ ਸਿਹਤ ਟੀਮਾਂ ਵਲੋਂ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਵਿਚਲੇ ਵੱਖ-ਵੱਖ ਖੇਤਰਾਂ ਵਿਚ ਘਰੋਂ-ਘਰੀਂ ਕੰਟੇਨਰ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਬਾਰੇ ਵੀ ਜਾਣਕਾਰੀ ਦਿਤੀ ਗਈ। ਸਿਹਤ ਟੀਮਾਂ ਨੇ ਉਨ੍ਹਾਂ ਸਾਰੀਆਂ ਥਾਵਾਂ ਨੂੰ ਵਿਸ਼ੇਸ਼ ਤੌਰ ’ਤੇ ਜਾਂਚਿਆ ਜਿਥੇ ਡੇਂਗੂ ਦੇ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ ਜਾਂ ਆਏ ਹਨ । ਟੀਮਾਂ ਨੇ ਘਰ-ਘਰ ਜਾ ਕੇ ਮੱਛਰ ਦੇ ਲਾਰਵੇ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਨੂੰ ਜਾਂਚਿਆ। ਸੀਨੀਅਰ ਅਧਿਕਾਰੀਆਂ ਨੇ ਮੁਹਿੰਮ ਦੀ ਨਿਗਰਾਨੀ ਕੀਤੀ।

       ਡਾ. ਡੋਗਰਾ ਨੇ ਗੱਲਬਾਤ ਕਰਦਿਆਂ ਦਸਿਆ ਕਿ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ਵਿਚ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਹਰ ਸ਼ੁੱਕਰਵਾਰ ਨੂੰ ਸਾਰੇ ਸੀਨੀਅਰ ਸਿਹਤ ਅਧਿਕਾਰੀ ਸਵੇਰੇ ਵੱਖ-ਵੱਖ ਥਾਈਂ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਡੇਂਗੂ ਫੈਲਾਉਣ ਵਾਲੇ ਮੱਛਰ ’ਤੇ ਜ਼ੋਰਦਾਰ ਹੱਲਾ ਬੋਲਿਆ ਹੋਇਆ ਹੈ ਤੇ ਇਸ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਵੀ ਅਤਿ ਲੋੜੀਂਦਾ ਹੈ।

              ਉਨ੍ਹਾਂ ਦਸਿਆ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।