ਬਸੀ ਪਠਾਣਾ/ ਫ਼ਤਹਿਗੜ੍ਹ ਸਾਹਿਬ 18 ਮਾਰਚ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਬਸੀ ਪਠਾਣਾ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਛੇਤੀ ਮੁਕੰਮਲ ਕਰਵਾ ਕੇ ਸ਼ਹਿਰ ਨੂੰ ਨਮੂਨੇ ਦਾ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਵਾਰਡ ਨੰਬਰ 06 ਵਿਖੇ 06 ਲੱਖ 11 ਹਜ਼ਾਰ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਗੱਲਬਾਤ ਕਰਦਿਆਂ ਕੀਤਾ।
ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਸੀ ਪਠਾਣਾ ਹਲਕੇ ਨੂੰ ਮਾਡਲ ਬਣਾਉਣ ਲਈ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਇੱਕ ਇਤਿਹਾਸਕ ਫੈਸਲਾ ਹੈ ਜੋ ਕਿ ਸੂਬੇ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਆਪਣੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਤੋਂ ਬਚਾਇਆ ਜਾ ਸਕੇ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕੀਤੀ ਜਾਵੇ ਤਾਂ ਜੋ ਕੰਮ ਦੇ ਮਿਆਰ ਵਿੱਚ ਕੋਈ ਕਮੀਂ ਨਾ ਰਹਿ ਸਕੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਨਾਲ ਬਸੀ ਪਠਾਣਾ ਹਲਕੇ ਨੂੰ ਖੂਬਸੂਰਤ ਬਣਾਇਆ ਜਾ ਸਕੇਗਾ ਅਤੇ ਹਲਕੇ ਦਾ ਵਿਧਾਇਕ ਹੋਣ ਦ ਨਾਤੇ ਉਹ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਕੌਂਸਲਰ ਅਤੇ ਲੇਬਰ ਵੈਲਫੇਅਰ ਬੋਰਡ ਦੇ ਡਾਇਰੈਕਟਰ ਰਾਜ ਪੁਰੀ, ਮਾਰਕੀਟ ਕਮੇਟੀ ਬਸੀ ਪਠਾਣਾ ਦੇ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ, ਡਾਇਰੈਕਟਰ ਮੰਡੀ ਬੋਰਡ ਇੰਦਰਜੀਤ ਸਿੰਘ ਇੰਦਰੀ, ਰਾਹੁਲ ਕੁਮਾਰ, ਮੋਹਨ ਲਾਲ ਗੋਗਨਾ, ਅਸ਼ੋਕ ਮੜਕਨ, ਅਜੈ ਸਿੰਗਲਾ, ਸੁਮਿਤ ਸਿੰਗਲਾ, ਜਤਿੰਦਰ ਚੀਮਾ, ਕੁਲਤਾਰ ਸਿੰਘ, ਅਮਰਿੰਦਰ ਮਿੰਟੂ, ਬਲਾਕ ਪ੍ਰਧਾਨ ਕਸ਼ਮੀਰ ਸਿੰਘ, ਸ਼ੋਸ਼ਲ ਮੀਡੀਆ ਇੰਚਾਰਜ ਅੰਮ੍ਰਿਤਪਾਲ, ਨਰਿੰਦਰ ਸਿੰਘ, ਜਸਵੀਰ ਸਿੰਘ ਢਿੱਲੋਂ ਕੌਂਸਲਰ, ਬਲਾਕ ਪ੍ਰਧਾਨ ਜਗਮੋਹਨ ਸਿੰਘ ਤੇ ਕੌਂਸਲਰ ਪਰਮਿੰਦਰ ਸਿੰਘ ਸੱਲ੍ਹ ਵੀ ਹਾਜਰ ਸਨ।