ਅੰਮ੍ਰਿਤਸਰ, 1 ਜੁਲਾਈ 2024 :
ਆਉਣ ਵਾਲੇ ਮਾਨਸੂਨ ਸ਼ੀਜਨ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ 10 ਲੱਖ ਬੂਟੇ ਲਗਾਉਣ ਦਾ ਜੋ ਟੀਚਾ ਮਿੱਥਿਆ ਗਿਆ ਸੀ ਦੇ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਰੀਵਿਊ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਉਹ ਬੂਟਿਆਂ ਦੀ ਮੰਗ ਅਨੁਸਾਰ ਜਿਲ੍ਹਾ ਜੰਗਲਾਤ ਵਿਭਾਗ ਤੋਂ ਬੂਟੇ ਪ੍ਰਾਪਤ ਕਰਨ।
ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਕਿਹਾ ਵੱਖ-ਵੱਖ ਵਿਭਾਗਾਂ ਵਲੋਂ ਬੂਟੇ ਲਗਾਉਣ ਲਈ ਜੋ ਮੰਗ ਕੀਤੀ ਗਈ ਹੈ ਉਸ ਅਨੁਸਾਰ ਵਿਭਾਗਾਂ ਨੂੰ ਬੂਟੇ ਮੁਹੱਈਆ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਬੂਟੇ ਲਗਾਉਣ ਦਾ ਕੰਮ ਮਹਾਤਮਾਂ ਗਾਂਧੀ ਨਰੇਗਾ ਸਕੀਮ ਅਧੀਨ ਵੀ ਕੀਤਾ ਜਾਵੇਗਾ। ਉਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜਿਲ੍ਹੇ ਵਿੱਚ ਪਲਾਂਟੇਸ਼ਨ ਕਰਵਾਉਣ ਲਈ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਹਰੇਕ ਖਾਲੀ ਥਾਂ ਭਾਵ ਸਰਕਾਰੀ ਬਿਲਡਿੰਗਾਂ, ਹਸਤਪਤਾਲ, ਸਕੂਲ, ਪੰਚਾਇਤੀ ਜ਼ਮੀਨ ਰੋਡ ਸਾਈਡ ਜਿਸ ਉਪਰ ਪਲਾਟੇਸ਼ਨ ਕਰਵਾਈ ਜਾ ਸਕੇ ਦੀ ਸ਼ਨਾਖਤ ਅਨੁਸਾਰ ਬੂਟੇ ਲਗਾਉਣ। ਉਨਾਂ ਦੱਸਿਆ ਕਿ ਕੇਵਲ ਪੌਦੇ ਲਗਾਉਣ ਤੱਕ ਹੀ ਕੰਮ ਸੀਮਤ ਨਹੀਂ ਰਹਿਣਾ ਚਾਹੀਦਾ ਬਲਕਿ ਇਨਾਂ ਦੀ ਦੇਖਭਾਲ ਕਰਨਾ ਵੀ ਸਾਡਾ ਫਰਜ਼ ਹੈ। ਉਨਾਂ ਕਿਹਾ ਕਿ ਸਾਡਾ ਸਭ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਈਏ ਤਾਂ ਜੋ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਲਾਹੇਵੰਦ ਹੋਣਗੇ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਜਿਲ੍ਹੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਇਸ ਸਬੰਧੀ ਬੀ.ਐਸ.ਐਫ. ਦਾ ਸਹਿਯੋਗ ਵੀ ਲਿਆ ਜਾਵੇ। ਉਨਾਂ ਕਿਹਾ ਕਿ ਸਮੂਹ ਵਿਭਾਗ ਆਪਣੀਆਂ ਖਾਲੀ ਪਈਆਂ ਥਾਵਾਂ ਤੇ ਬੂਟੇ ਲਗਾਉਣ ਲਈ ਨਿਸ਼ਾਨਦੇਹੀ ਕਰਨ ਅਤੇ ਆਪਣੀ ਜ਼ਰੂਰਤ ਅਨੁਸਾਰ ਜੰਗਲਾਤ ਵਿਭਾਗ ਤੋਂ ਬੂਟੇ ਪ੍ਰਾਪਤ ਕਰਨ।
ਇਸ ਮੀਟਿੰਗ ਵਿੱਚ ਐਸ.ਡੀ.ਐਮ. ਅਜਨਾਲਾ ਸ: ਅਰਵਿੰਦਰ ਪਾਲ ਸਿੰਘ,ਜਿਲ੍ਹਾ ਜੰਗਲਾਤ ਅਫ਼ਸਰ ਸ: ਅਮਨੀਤ ਸਿੰਘ, ਐਕਸੀਐਨ ਪ੍ਰਦੂਸ਼ਣ ਵਿਭਾਗ ਸ੍ਰੀ ਸੁਖਦੇਵ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।