ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਜਾਂ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ

Bathinda

ਬਠਿੰਡਾ, 6 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਮਡੀ ਪਨਸਪ ਮੈਡਮ ਸੋਨਾਲੀ ਗਿਰੀ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲੇ ਦੀਆਂ ਅਨਾਜ ਮੰਡੀਆਂ ਨਥਾਣਾ ਅਤੇ ਭੁੱਚੋ ਮੰਡੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਵੀ ਕੀਤੀ।

        ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਨਿਰਵਿਘਨ ਚੱਲ ਰਹੀ ਹੈ ਅਤੇ ਇਸ ਸਬੰਧੀ ਕਿਸਾਨਾਂ ਨੂੰ ਪ੍ਰੇਸ਼ਾਨ ਹੋਣ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ ਵਿਚੋਂ 6 ਲੱਖ ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਗਈ ਹੈ ਅਤੇ  ਕਰੀਬ 4 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ‘ਚ ਵੱਡੀ ਗਿਰਾਵਟ ਆਈ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਥੋੜ੍ਹਾ ਸੰਯਮ ਰੱਖਣ।

ਇਸ ਮੌਕੇ ਐੱਮਡੀ ਪਨਸਪ ਮੈਡਮ ਸੋਨਾਲੀ ਗਿਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਸਾਰੀਆਂ ਮੰਡੀਆਂ ਵਿੱਚੋਂ ਝੋਨਾ ਚੁੱਕ ਲਿਆ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਗੌਰਵ ਗਰਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਸਹਾਇਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਿਤ ਮਹਿਤਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਸ਼ੈਲਰ ਮਾਲਕ, ਆੜ੍ਹਤੀਏ ਤੇ ਕਿਸਾਨ ਆਦਿ ਹਾਜ਼ਰ ਸਨ।–