ਫਰੀਦਕੋਟ 13 ਜੂਨ () ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਜ਼ਿਲਾ ਫਰੀਦਕੋਟ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਾਲ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਕਿਸਾਨ https://agrimachinerypb.com ਪੋਰਟਲ ਉੱਪਰ ਮਿਤੀ 30 ਜੂਨ ਤੱਕ ਅਪਣਾ ਬਿਨੈਪਤਰ ਰਜਿਸਟਰ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਇੱਛੁਕ ਕਿਸਾਨ ਸੀ ਐੱਸ ਸੀ ਸੈਂਟਰਾਂ ਜਾਂ ਖੇਤੀਬਾੜੀ ਅਧਿਕਾਰੀਆਂ ਸੰਪਰਕ ਕਰਕੇ ਆਪਣੇ ਬਿਨੈਪੱਤਰ ਆਨਲਾਈਨ ਲਿੰਕ ਖੋਲਕੇ ਆਪਣਾ ਆਧਾਰ ਨੰਬਰ ਭਰ ਕੇ ਰਜਿਸਟਰ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਰਹੇਗੀ ਅਤੇ ਇਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਜ਼ਮੀਨ ਸਬੰਧੀ ਵੇਰਵਾ ਹੀ ਦਿੱਤਾ ਜਾਣਾ ਹੈ। ਕਿਸਾਨ ਵੱਲੋਂ ਜਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ /ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ/ਬਿਘਾ ਜਾਂ ਬਿਸਵਾ) ਵਿੱਚ ਦੇਣੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਕਾਰੀ ਵਿੱਚ 30 ਜੂਨ 2024 ਤੱਕ ਤਬਦੀਲੀ ਕਰ ਸਕਦੇ ਹਨ। ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਬਿਜਾਈ ਵਾਲੇ ਖੇਤਾਂ ਦੀ ਪਹਿਲੀ ਤਸਦੀਕ 30 ਜੂਨ ਤੋਂ 15 ਜੁਲਾਈ 2024 ਤੱਕ ਖੇਤੀ ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ/ਬਲਾਕ ਖੇਤੀਬਾੜੀ ਅਫ਼ਸਰ ਜਾਂ ਖੇਤੀਬਾੜੀ ਵਿਕਾਸ /ਵਿਸਥਾਰ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਫਿਰ ਟੋਲ ਫਰੀ ਨੰਬਰ 18001801551 ਤੇ ਵੀ ਸੰਪਰਕ ਕਰ ਸਕਦੇ ਹਨ।