‘‘ਹਰ ਮਨੁੱਖ ਲਾਵੇ ਇਕ ਰੁੱਖ’’ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਲਗਾਏ ਗਏ ਰੁੱਖ

Ferozepur

ਫ਼ਿਰੋਜ਼ਪੁਰ, 05 ਜੁਲਾਈ 2024:

        ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਰੁੱਖ ਲਗਾ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।

          ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਵੱਧ ਰਹੀ ਆਲਮੀ ਤਪਸ਼ ਤੇ ਪ੍ਰਦੂਸ਼ਣ ’ਤੇ ਕਾਬੂ ਪਾਉਣਾ ਸਮੇਂ ਦੀ ਲੋੜ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਹਰ ਮਨੁੱਖ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ ਅਤੇ ਘੱਟੋ-ਘੱਟ ਇਕ ਰੁੱਖ ਜ਼ਰੂਰ ਲਗਾਵੇ। ਉਨ੍ਹਾਂ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮੁਹੱਈਆ ਕਰਵਾਈਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਛੇ ਬਲਾਕਾਂ ਵਿੱਚ ਲੱਗਭਗ 65 ਏਕੜ ਜ਼ਮੀਨ ਤੇ ਰਿਵਾਇਤੀ ਰੁੱਖ ਲਗਾ ਕੇ ਮਿੰਨੀ ਜੰਗਲ ਸਥਾਪਿਤ ਕੀਤੇ ਜਾਣਗੇ। ਇਨ੍ਹਾਂ ਮਿੰਨੀ ਜੰਗਲਾਂ ਦੀ ਸੰਭਾਲ ਲਈ ਵਣ ਮਿੱਤਰ ਵੀ ਤਾਇਨਾਤ ਕੀਤੇ ਜਾਣਗੇ। ਇਸ ਮੁਹਿੰਮ ਤਹਿਤ ਪੰਚਾਇਤੀ ਜ਼ਮੀਨਾਂ, ਜਨਤਕ ਥਾਵਾਂ, ਧਾਰਮਿਕ ਸਥਾਨਾਂ, ਸਕੂਲਾਂ ਤੇ ਹੋਰ ਸਿੱਖਿਅਕ ਸੰਸਥਾਵਾਂ ਆਦਿ ਵਿਚ ਮਿੰਨੀ ਜੰਗਲ ਲਗਾਏ ਜਾਣਗੇ। ਇਸ ਮੁਹਿੰਮ ਤਹਿਤ 6.5 ਲੱਖ ਤੋਂ ਵੱਧ ਪੌਦੇ ਲਗਾਏ ਜਾਣਗੇ ਅਤੇ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਆਦਿ ਨੂੰ ਇਹ ਪੌਦੇ ਜੰਗਲਾਤ ਵਿਭਾਗ ਵੱਲੋਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਏ ਜਾਣਗੇ।

          ਇਸ ਮੌਕੇ ਦਫ਼ਤਰ ਦੇ ਸੁਪਰਡੈਂਟ ਅਮਰੀਕ ਸਿੰਘ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ।